ਜਲੰਧਰ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਰੋਸ ਪ੍ਰਗਟਾਉਂਦੇ ਹੋਏ ਹੁਣ ਕਿਸਾਨਾਂ ਨੇ ਭਾਜਪਾ ਆਗੂਆਂ ਦਾ ਘਿਰਾਉ ਸ਼ੁਰੂ ਕਰ ਦਿੱਤਾ ਹੈ। ਬੁੱਧਵਾਰ ਭਾਜਪਾ ਆਗੂਆਂ ਦੇ ਘਿਰਾਉ ਦੇ ਸੱਦੇ ਤਹਿਤ ਜਲੰਧਰ ਵਿੱਚ ਕਿਸਾਨਾਂ ਨੇ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਰਿਹਾਇਸ਼ ਦਾ ਘਿਰਾਉ ਕਰਕੇ ਧਰਨਾ ਲਗਾ ਦਿੱਤਾ।
ਭਾਜਪਾ ਆਗੂ ਦੇ ਘਰ ਅੱਗੇ ਵੱਡੀ ਗਿਣਤੀ ਵਿੱਚ ਪੁਲਿਸ ਤੈਨਾਤ ਕੀਤੀ ਹੋਈ ਸੀ, ਜਿਸ ਕਾਰਨ ਕਿਸਾਨ ਅੱਗੇ ਨਹੀਂ ਜਾ ਸਕੇ ਅਤੇ ਉਥੇ ਹੀ ਧਰਨਾ ਲਾ ਕੇ ਬੈਠ ਗਏ। ਇਥੇ ਹੀ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਹਰੇਬਾਜ਼ੀ ਕੀਤੀ।
ਇਸਤੋਂ ਪਹਿਲਾਂ ਕਿਸਾਨਾਂ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਟਰੱਕ ਟਰਾਂਸਪੋਰਟ ਦੇ ਪ੍ਰਧਾਨ ਹੈਪੀ ਸੰਧੂ ਦੀ ਅਗਵਾਈ ਵਿੱਚ ਨਕੋਦਰ ਤੋਂ ਲੈ ਕੇ ਜਲੰਧਰ ਤੱਕ ਟਰੈਕਟਰ ਅਤੇ ਮੋਟਰਸਾਈਕਲਾਂ ਉਪਰ ਮਾਰਚ ਵੀ ਕੱਢਿਆ ਗਿਆ।
ਮਾਰਚ ਦੀ ਅਗਵਾਈ ਕਰ ਰਹੇ ਟਰਾਂਸਪੋਰਟ ਹੈਪੀ ਸੰਧੂ ਨੇ ਕਿਹਾ ਕਿ ਖੇਤੀ ਨਾਲ ਹੀ ਪੰਜਾਬ ਚੱਲ ਰਿਹਾ ਹੈ ਅਤੇ ਖੇਤੀ ਬਿੱਲਾਂ ਦੇ ਲਾਗੂ ਹੋਣ ਨਾਲ ਪੰਜਾਬ ਤਬਾਹ ਹੋ ਜਾਵੇਗਾ। ਇਸ ਲਈ ਜੇਕਰ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣਾ ਹੈ ਤਾਂ ਸਭ ਜਥੇਬੰਦੀਆਂ ਨੂੰ ਇੱਕ ਝੰਡੇ ਥੱਲੇ ਇਕੱਠਾ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਬਚਾਇਆ ਜਾ ਸਕੇ।