ਜਲੰਧਰ: ਕਿਸਾਨਾਂ ਵੱਲੋਂ ਖੇਤੀ ਕਾਨੂੰਨ ਦਾ ਵਿਰੋਧ ਲਗਾਤਾਰ ਜਾਰੀ ਹੈ। ਪਰ ਕਿਸਾਨਾਂ ਵੱਲੋਂ ਲਗਾਤਾਰ ਕੀਤੇ ਜਾਂਦੇ ਪ੍ਰਦਰਸ਼ਨ ਅਤੇ ਧਰਨੇ ਤੋਂ ਬਾਅਦ ਵੀ ਕੇਂਦਰ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ।
ਇਸ ਮਗਰੋਂ ਕਿਸਾਨਾਂ ਨੇ ਦਿੱਲੀ ਜਾ ਕੇ ਅਨਿਸ਼ਚਿਤ ਸਮੇਂ ਲਈ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਸੀ। ਜਿਸ ਤਹਿਤ ਕਿਸਾਨ ਜਥੇਬੰਦੀਆਂ ਦੇ ਕਈ ਵਿੰਗ ਪੰਜਾਬ ਦੇ ਅਲੱਗ-ਅਲੱਗ ਹਿੱਸਿਆਂ ਤੋਂ ਰਵਾਨਾ ਹੋ ਚੁੱਕੇ ਹਨ। 26-27 ਨੂੰ ਦਿੱਲੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਵੱਲੋਂ ਪੂਰੀ ਤਿਆਰੀਆਂ ਕਰ ਲਈਆਂ ਗਈਆਂ ਹਨ। ਕਈ ਕਿਸਾਨ ਜਥੇਬੰਦੀਆਂ ਨੇ ਅੱਜ ਤੋਂ ਹੀ ਦਿੱਲੀ ਲਈ ਕੂਚ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਉਹ ਦਿੱਲੀ ਪਹੁੰਚਕੇ ਸਭ ਤਿਆਰੀਆਂ ਅਤੇ ਪ੍ਰਬੰਧਾਂ ਦਾ ਬੰਦੋਬਸਤ ਕਰਨਗੇ।
ਦੋਆਬਾ ਕਿਸਾਨ ਸੰਘਰਸ਼ ਕਮੇਟੀ ਪ੍ਰਧਾਨ ਹਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਜਲੰਧਰ ਦੇ ਕਿਸ਼ਨਗੜ੍ਹ ਤੋਂ ਕਰੀਬ ਦੱਸ ਤੋਂ ਬਾਰਾਂ ਦੇ ਟਰਾਲੀਆਂ ਦਿੱਲੀ ਲਈ ਰਵਾਨਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਜਾ ਕੇ ਉਦੋਂ ਤਕ ਇਸ ਕਾਨੂੰਨ ਦਾ ਵਿਰੋਧ ਕਰਾਂਗੇ ਅਤੇ ਧਰਨੇ 'ਤੇ ਬੈਠਾਂਗੇ ਜਦ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਿਸਾਨਾਂ ਨੂੰ ਕਿਤੇ ਵੀ ਰੋਕਿਆ ਜਾਵੇਗਾ ਤਾਂ ਕਿਸਾਨ ਜਥੇਬੰਦੀਆਂ ਉਥੇ ਹੀ ਅਨਿਸ਼ਚਿਤ ਸਮੇਂ ਲਈ ਧਰਨਾ ਦੇਣਗੀਆਂ।