ਜਲੰਧਰ: ਕਾਂਗਰਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਆਪਣੇ ਚੋਣ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਜਲੰਧਰ ਵੈਸਟ ਤੋਂ ਸਾਬਕਾ ਕਾਂਗਰਸ ਦੇ ਵਿਧਾਇਕ ਸੁਸ਼ੀਲ ਰਿੰਕੂ ਨੂੰ ਆਮ ਆਦਮੀ ਪਾਰਟੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵੱਲੋਂ ਸ਼ਾਮਿਲ ਕੀਤਾ ਗਿਆ ਸੀ। ਇਸ ਤੋਂ ਬਾਅਦ ਉਹਨਾਂ ਨੂੰ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨ ਕਰ ਦਿੱਤਾ ਗਿਆ। ਜਲੰਧਰ ਦੀ ਗੁਰੂ ਰਵਿਦਾਸ ਮਾਰਕੀਟ ਵਿੱਚ ਆਮ ਆਦਮੀ ਪਾਰਟੀ ਦੇ ਦਫਤਰ ਅੰਦਰ ਪਾਰਟੀ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਕਿ ਜ਼ਿਲ੍ਹਾ ਜਲੰਧਰ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। ਇਸ ਦੌਰਾਨ ਸਭ ਦੇ ਵੱਲੋਂ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਐਲਾਨੇ ਜਾਣ ਉੱਤੇ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾਕੇ ਵਧਾਈ ਦਿੱਤੀ ਗਈ।
ਤਰੀਫਾਂ ਦੀ ਕੀਤੀ ਸਿਖ਼ਰ: ਇਸ ਮੌਕੇ ਉੱਤੇ ਸੁਸ਼ੀਲ ਰਿੰਕੂ ਦੇ ਵੱਲੋਂ ਇਹ ਕਿਹਾ ਗਿਆ ਕੀ ਆਮ ਆਦਮੀ ਪਾਰਟੀ ਵੱਲੋਂ ਜਿਸ ਤਰੀਕੇ ਦੇ ਨਾਲ ਲੋਕ ਹਿੱਤ ਦੇ ਮੱਦੇਨਜ਼ਰ ਵਿਕਾਸ ਦੇ ਵਿੱਚ ਕੰਮ ਕੀਤਾ ਜਾ ਰਿਹਾ ਹੈ ਉਸ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਜ਼ ਇੱਕ ਸਾਲ ਦੇ ਵਿੱਚ ਲੋਕਾਂ ਨਾਲ ਕੀਤੇ 70 ਫੀਸਦ ਤੋਂ ਜ਼ਿਆਦਾ ਵਾਅਦਿਆਂ ਨੂੰ ਨੇਪਰੇ ਚਾੜ੍ਹਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਲੱਖਾਂ ਲੋਕਾਂ ਦੀ ਬਿਜਲੀ ਦੇ ਬਿੱਲ ਮੁਆਫ਼ ਕੀਤੇ ਨੇ ਜਿਸ ਤੋਂ ਆਮ ਜਨਤਾ ਖੁਸ਼ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਦੇ ਖੇੇਤਰ ਵਿੱਚ ਸ਼ਾਨਦਾਰ ਕੰਮ ਕਰਦਿਆਂ ਸੈਂਕੜੇ ਮੁਹੱਲਾ ਕਲੀਨਿਕ ਖੋਲ੍ਹੇ ਨੇ ਇਸ ਤੋਂ ਇਲਾਵਾ ਸਿੱਖਿਆ ਦੇ ਖੇਤਰ ਵਿੱਚ ਵੀ ਸ਼ਲਾਘਾਯੋਗ ਕੰਮ ਕੀਤਾ ਨੇ। ਸੁਸ਼ੀਲ ਰਿੰਕੂ ਨੇ 'ਆਪ' ਦੇ ਕੰਮਾਂ ਦੀ ਲਗਾਤਾਰ ਤਰੀਫ ਕੀਤੀ ਅਤੇ ਕਿਹਾ ਕਿ ਤਮਾਮ ਕੰਮਾਂ ਨੂੰ ਵੇਖਦਿਆਂ ਲੋਕ ਫਤਵਾ ਜ਼ਿਮਨੀ ਚੋਣ ਵਿੱਚ ਉਨ੍ਹਾਂ ਦੇ ਹੱਕ ਵਿੱਚ ਜਾਵੇਗਾ।
ਸ਼ਰਤਾਂ ਨਾਲ ਮਿਲੀ ਟਿਕਟ: ਇਕ ਦਿਨ ਪਹਿਲਾਂ ਜੁਆਇੰਨ ਅਤੇ ਦੂਸਰੇ ਦਿਨ ਆਮ ਆਦਮੀ ਪਾਰਟੀ ਦੀ ਜ਼ਿਮਨੀ ਚੋਣਾਂ ਦੀ ਟਿਕਟ ਮਿਲਣ ਤੋਂ ਬਾਅਦ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਸੂਬਾ ਸਰਕਾਰ ਵੱਲੋਂ ਸ਼ਰਤ ਦੇ ਅਧਾਰ ਉੱਤੇ ਹੀ ਸੁਸ਼ੀਲ ਰਿੰਕੂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਅਤੇ ਉਮੀਦਵਾਰ ਐਲਾਨਿਆ ਗਿਆ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਵੱਲੋਂ ਰਿੰਕੂ ਨੂੰ ਉਮੀਦਵਾਰ ਵਜੋਂ ਐਲਾਨ ਕਰ ਦੇਣਾ ਇਹ ਸਾਬਤ ਕਰਦਾ ਹੈ ਕਿ ਕਾਂਗਰਸ ਨੂੰ ਕਰਾਰਾ ਝਟਕਾ ਅਤੇ 'ਆਪ' ਦੀ ਮਜ਼ਬੂਤ ਪਕੜ ਲਈ ਆਮ ਆਦਮੀ ਪਾਰਟੀ ਨੇ ਇਹ ਦਾਅ ਖੇਡਿਆ ਹੈ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਨਾਲ ਕੀਤੀ ਮੁਲਾਕਾਤ, ਕਿਹਾ- ਖੜ੍ਹਗੇ ਦਿੰਦੇ ਨੇ ਪਾਰਟੀ ਨੂੰ ਨਵੀਂ ਊਰਜਾ