ਜਲੰਧਰ: ਜ਼ਿਲ੍ਹੇ ਦੇ ਡੀਸੀ ਦਫ਼ਤਰ ਵਿੱਚ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਨਾਮਜ਼ਦਗੀ ਪੱਤਰ ਦਾਖਿਲ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਹੋਰ ਵੀ ਸੀਨੀਅਰ ਆਗੂ ਮੌਜੂਦ ਰਹੇ। ਨਾਮਜ਼ਦਗੀ ਭਰਨ ਤੋਂ ਬਾਅਦ ਸੁਖਵਿੰਦਰ ਸਿੰਘ ਸੁੱਖੀ ਨੇ ਪ੍ਰੈੱਸ ਕਾਨਫਰੰਸ ਕੀਤੀ।
ਕੇਂਦਰ ਅਤੇ ਸੂਬਾ ਸਰਕਾਰ ਨੇ ਕੀਤੀ ਵਾਅਦਾ ਖ਼ਿਲਾਫ਼ੀ: ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਜਿੱਥੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਨੂੰ ਵੋਟ ਪਾਉਣ ਲਈ ਕਿਹਾ ਗਿਆ। ਉੱਥੇ ਹੀ ਉਹਨਾਂ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਵੀ ਕਰਦੇ ਹਨ ਕਿ ਇਸ ਵਾਰ ਇੱਕ ਸੁਨਹਿਰੀ ਮੌਕਾ ਹੈ ਕੇਂਦਰ ਦੀ ਬੀਜੇਪੀ ਸਰਕਾਰ ਅਤੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰਾਰਾ ਜਵਾਬ ਦੇਣ ਦਾ। ਉਨ੍ਹਾਂ ਕਿਹਾ ਕਿ ਕੇਂਦਰ ਤਮਾਮ ਵਾਅਦਿਆਂ ਤੋਂ ਪਹਿਲਾਂ ਹੀ ਮੁਨਕਰ ਹੋ ਚੁੱਕਾ ਹੈ ਜਦਕਿ ਪੰਜਾਬ ਸਰਕਾਰ ਵੀ ਕੇਂਦਰ ਦੀਆ ਪੈੜਾਂ ਉੱਤੇ ਚੱਲ ਕੇ ਸੂਬਾ ਵਾਸੀਆਂ ਨਾਲ ਵਾਅਦਾ ਖ਼ਿਲਾਫ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਹਿਲਾਵਾਂ ਦੇ ਖਾਤਿਆਂ ਵਿੱਚ ਇੱਕ-ਇੱਕ ਹਜ਼ਾਰ ਰੁਪਏ ਪਾਉਣ ਦੀ ਗੱਲ ਕਹੀ ਸੀ ਜੋ ਹੁਣ ਤੱਕ ਪੂਰਾ ਨਹੀਂ ਕੀਤਾ।
ਕਾਨੂੰਨ ਵਿਵਸਥਾ ਨੂੰ ਲੈਕੇ ਘੇਰਿਆ: ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਇਸ ਸਮੇਂ ਕਾਨੂੰਨ ਵਿਵਸਥਾ ਹਾਸ਼ੀਏ ਉੱਤੇ ਪਹੁੰਚੀ ਹੋੇਈ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਸ਼ਰੇਆਮ ਬਿਨਾਂ ਕਿਸੇ ਖੌਫ਼ ਤੋਂ ਲੋਕਾਂ ਨੂੰ ਮੌਤ ਦੇ ਮੂੰਹ ਵਿੱਚ ਪਹੁੰਚਾ ਰਹੇ ਨੇ ਅਤੇ ਪੰਜਾਬ ਸਰਕਾਰ ਦਾ ਕੋਈ ਕੰਟਰੋਲ ਵਿਖਾਈ ਨਹੀਂ ਦੇ ਰਿਹਾ। ਉਨ੍ਹਾਂ ਅੰਮ੍ਰਿਤਪਾਲ ਖ਼ਿਲਾਫ਼ ਕੀਤੇ ਸਰਕਾਰ ਦੇ ਐਕਸ਼ਨ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੇ ਕਸੂਰਵਾਰਾਂ ਨੂੰ ਚੁੱਕਣ ਦੀ ਥਾਂ ਪੰਜਾਬ ਵਿੱਚ ਅੰਮ੍ਰਿਤ ਛਕਣ ਵਾਲੇ ਨੌਜਵਾਨਾਂ ਖ਼ਿਲਾਫ਼ ਮੁਹਿੰਮ ਚਲਾਈ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਤਸ਼ੱਦਦ ਤੋਂ ਸ਼ਾਇਦ ਹੀ ਕੋਈ ਪੰਜਾਬ ਦਾ ਪਿੰਡ ਅਛੂਤਾ ਬਚਿਆ ਹੋਵੇ। ਸੁਖਵਿੰਦਰ ਸੁੱਖੀ ਨੇ ਅੱਗੇ ਕਿਹਾ ਕਿ ਜਲੰਧਰ ਦੇ ਵੋਟਰ ਬਹੁਤ ਸਮਝਦਾਰ ਨੇ ਅਤੇ ਉਹ ਚੰਗੀ ਤਰ੍ਹਾਂ ਜਾਣਦੇ ਨੇ ਕਿ ਸੰਸਦ ਵਿੱਚ ਜਾਕੇ ਉਨ੍ਹਾਂ ਦੇ ਮਸਲੇ ਕੌਣ ਚੁੱਕ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਲੋਕ ਪਹਿਲਾਂ ਦੁਖੀ ਨੇ ਅਤੇ ਕਾਂਗਰਸ ਰੇਸ ਵਿੱਚੋਂ ਹੀ ਬਾਹਰ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕ ਅਕਾਲੀ-ਬਸਪਾ ਦੇ ਹੱਕ ਵਿੱਚ ਹੀ ਆਪਣਾ ਫਤਵਾ ਦੇਣਗੇ।
ਇਹ ਵੀ ਪੜ੍ਹੋ: ਆਰਟੀਆਈ ਰਾਹੀਂ ਹੋਇਆ ਵੱਡਾ ਖੁਲਾਸਾ, ਪੰਜਾਬ ਸਰਕਾਰ ਨੇ ਚਾਹ-ਪਾਣੀ ਉੱਤੇ 11 ਮਹੀਨਿਆਂ ਦੌਰਾਨ ਖਰਚੇ ਕਰੀਬ 25 ਲੱਖ ਰੁਪਏ