ਜਲੰਧਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ੁੱਕਰਵਾਰ ਨੂੰ ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ 'ਤੇ ਨਿਸ਼ਾਨਾ ਸਾਧਿਆ ਹੈ।
ਜ਼ਿਕਰਯੋਗ ਹੈ ਕਿ ਬਿਤੇ ਦਿਨੀਂ ਜਗੀਰ ਕੌਰ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਲੋਕ ਸਭਾ ਚੋਣਾਂ ਲਈ ਡੇਰਾ ਸਿਰਸਾ ਨਾਲ ਗੱਲਬਾਤ ਬਾਰੇ ਸੁਖਬੀਰ ਬਾਦਲ ਫ਼ੈਸਲਾ ਲੈਣਗੇ। ਬੀਬੀ ਜਗੀਰ ਕੌਰ ਵੱਲੋਂ ਦਿੱਤੇ ਬਿਆਨ 'ਤੇ ਸਵਾਲ ਖੜੇ ਕਰਦਿਆਂ ਜਾਖੜ ਨੇ ਕਿਹਾ ਕਿ ਕਿ ਜਗੀਰ ਕੌਰ ਦਾ ਕਹਿਣਾ ਹੈ ਕਿ ਡੇਰਾ ਸੱਚਾ ਸੌਦਾ ਅਤੇ ਅਕਾਲੀ ਦਲ ਦੇ ਸਬੰਧਾਂ ਦਾ ਫ਼ੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ।
ਜਾਖੜ ਨੇ ਕਿਹਾ ਕਿ ਜਗੀਰ ਕੌਰ ਦੇ ਇਸ ਬਿਆਨ ਨੇ ਪੂਰੀ ਸਿੱਖ ਕੌਮ ਦੇ ਜ਼ਖ਼ਮਾਂ 'ਤੇ ਨਮਕ ਛਿੜਕਣ ਦਾ ਕੰਮ ਕੀਤਾ ਹੈ ਅਤੇ ਅਕਾਲੀ ਦਲ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਿਹਾ ਹੈ।
ਜਾਖੜ ਨੇ ਦੋਸ਼ ਲਾਇਆ ਕਿ ਜਿਨ੍ਹਾਂ ਲੋਕਾਂ ਨੇ ਬੇਅਦਬੀ ਕੀਤੀ ਅਤੇ ਜੋ ਜੇਲ੍ਹਾਂ ਵਿੱਚ ਹਨ ਉਨ੍ਹਾਂ ਦੇ ਵਕੀਲ ਦੀ ਫ਼ੀਸ ਵੀ ਅਕਾਲੀ ਦਲ ਵੱਲੋਂ ਦਿੱਤੀ ਜਾ ਰਹੀ ਹੈ। ਜਾਖੜ ਨੇ ਕਿਹਾ ਕਿ ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਅਕਾਲੀ ਦਲ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕਰ ਰਿਹਾ ਹੈ।
ਇਸ ਤੋਂ ਇਲਾਵਾ ਖਡੂਰ ਸਾਹਿਬ ਵਿੱਚ ਹੋਈ ਅਕਾਲੀ ਦਲ ਦੀ ਰੈਲੀ ਤੋਂ ਬਾਅਦ ਸ਼ਰਾਬ ਪੀਣ ਦੀ ਤਸਵੀਰਾਂ ਸਾਹਮਣੇ ਆਉਣ ਨੂੰ ਲੈ ਕੇ ਜਾਖੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਬਾਦਲ ਦਾ ਪੰਥ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ।