ਜਲੰਧਰ: ਪੰਜਾਬ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਰਫ਼ਿਊ ਲੱਗਿਆ ਹੋਇਆ ਹੈ ਇਸ ਦੇ ਨਾਲ ਹੀ ਪੰਜਾਬ ਦੇ ਲੋਕ ਮੌਸਮ ਦੀ ਮਾਰ ਵੀ ਝੱਲ ਰਹੇ ਹਨ। ਇਸ ਹਾਲਾਤ ਵਿੱਚ ਲੋਕਾਂ ਲਈ ਮਸੀਹਾ ਬਣ ਕੇ ਕੰਮ ਕਰ ਰਹੀ ਜਲੰਧਰ ਦੀ ਪੁਲਿਸ ਅਤੇ ਪ੍ਰਸ਼ਾਸਨ ਲੋਕਾਂ ਨੂੰ ਹਰ ਸੰਭਵ ਸਹਾਇਤਾ ਪਹੁੰਚਾਉਣ ਦੀ ਕੋਸ਼ਿਸ਼ ਵਿੱਚ ਲੱਗਿਆ ਹੋਇਆ ਹੈ।
ਜਲੰਧਰ ਦੇ ਉੱਤਰੀ ਇਲਾਕੇ ਵਿੱਚ ਡੀਸੀਪੀ ਨਰੇਸ਼ ਡੋਗਰਾ ਨੇ ਆਪਣੀ ਪੂਰੀ ਟੀਮ ਦੇ ਨਾਲ ਉਨ੍ਹਾਂ ਗ਼ਰੀਬ ਲੋਕਾਂ ਨੂੰ ਲੰਗਰ ਵਰਤਾਇਆ ਜੋ ਰੋਜ਼ ਦਿਹਾੜੀ ਕਰਕੇ ਆਪਣਾ ਪਰਿਵਾਰ ਪਾਲਦੇ ਹਨ ਅਤੇ ਕਰਫਿਊ ਕਾਰਨ ਉਨ੍ਹਾਂ ਦਾ ਕੰਮਕਾਜ ਠੱਪ ਪਿਆ ਹੈ।
ਇਸ ਮੌਕੇ ਡੀਸੀਪੀ ਨਰੇਸ਼ ਡੋਗਰਾ ਨੇ ਕਿਹਾ ਕਿ ਪੁਲਿਸ ਲਗਾਤਾਰ ਇਹੋ ਜਿਹੇ ਲੋਕਾਂ ਦੀ ਮਦਦ ਕਰ ਰਹੀ ਹੈ ਜੋ ਇਸ ਹਾਲਾਤ ਵਿੱਚ ਕੰਮ ਤੋਂ ਵਾਂਝੇ ਬੈਠੇ ਹਨ ਤੇ ਖਾਣ ਪੀਣ ਲਈ ਵੀ ਉਨ੍ਹਾਂ ਕੋਲ ਕੋਈ ਇੰਤਜ਼ਾਮ ਨਹੀਂ ਹਨ।
ਦੱਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਹੁਣ ਤੱਕ 38 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ ਅਤੇ 1 ਪੀੜਤ ਠੀਕ ਹੋ ਗਿਆ ਹੈ।