ਜਲੰਧਰ: ਹਲਕੇ ਵਿੱਚ ਕਾਂਗਰਸੀ ਵਿਧਾਇਕ ਵੱਲੋਂ ਸਰਕਾਰੀ ਰਾਸ਼ਨ ਇੱਕ ਹੋਟਲ ਵਿੱਚ ਰੱਖਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਕਾਂਗਰਸ ਦੇ ਵਿਧਾਇਕ ਵੱਲੋਂ ਕੋਰੋਨਾ ਦੌਰਾਨ ਆਏ ਰਾਸ਼ਨ ਨੂੰ ਕਥਿਤ ਤੌਰ 'ਤੇ ਨਿੱਜੀ ਹੋਟਲ ਵਿੱਚ ਲੁਕੋ ਕੇ ਰੱਖਣ ਦੇ ਮਾਮਲੇ ਵਿੱਚ ਭਾਜਪਾ ਦੇ ਸਾਬਕਾ ਮੰਤਰੀ ਵੱਲੋਂ ਬੁੱਧਵਾਰ ਨੂੰ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਇਸ ਮਾਮਲੇ ਵਿੱਚ ਜਾਂਚ ਕਰਨ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇੱਕ-ਇੱਕ ਦਾਣਾ ਰਾਸ਼ਨ ਜ਼ਰੂਰਤਮੰਦ ਲੋਕਾਂ ਵਿੱਚ ਵੰਡਿਆ ਜਾਵੇਗਾ ਪਰ ਜ਼ਮੀਨੀ ਪੱਧਰ 'ਤੇ ਅਜਿਹਾ ਕੁੱਝ ਵੀ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਇਸ ਬਾਬਤ ਪੜਤਾਲ ਕੀਤੀ ਤਾਂ ਪਤਾ ਲੱਗਿਆ ਕਿ ਕਾਂਗਰਸੀ ਵਿਧਾਇਕ ਵੱਲੋਂ ਇੱਕ ਨਿੱਜੀ ਹੋਟਲ ਵਿੱਚ ਸਰਕਾਰ ਵੱਲੋਂ ਭੇਜੇ ਗਏ ਰਾਸ਼ਨ ਨੂੰ ਲਕੋ ਕੇ ਰੱਖਿਆ ਹੋਇਆ ਹੈ।
ਇਹ ਵੀ ਪੜ੍ਹੋ: ਕੋਵਿਡ ਸੰਕਟ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਸੋਸ਼ਲ ਮੀਡੀਆ 'ਤੇ ਵਧਾਏਗੀ ਪਹੁੰਚ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਮੰਗ ਪੱਤਰ ਦੇਣਗੇ ਅਤੇ ਸਾਰੇ ਮਾਮਲੇ ਦੀ ਜਾਂਚ ਕਰਨ ਲਈ ਕਹਿਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕਰਦੀ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।