ਜਲੰਧਰ: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਿਨੇਟ ਮੰਤਰੀ ਮਨੋਰੰਜਨ ਕਾਲੀਆ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਨੂੰ ਬੜਾ ਮੰਦਭਾਗਾ ਦੱਸਿਆ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਸਾਰੇ ਖ਼ਦਸ਼ੇ ਦੂਰ ਕੀਤੇ ਗਏ ਸਨ, ਤੇ ਐੱਮਐੱਸਪੀ ਨੂੰ ਲੈ ਕੇ ਵੀ ਗੱਲ ਕੀਤੀ ਗਈ ਸੀ। ਇੰਨਾ ਹੀ ਨਹੀਂ ਇਸ ਸਬੰਧੀ ਬਕਾਇਦਾ ਪ੍ਰੈਸ ਕਾਨਫਰੰਸ ਕਰਕੇ ਖੇਤੀਬਾੜੀ ਵਿਭਾਗ ਦੇ ਮੰਤਰੀ ਨੇ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਕਿ ਇਸ ਕਿਸੇ ਵੀ ਤਰ੍ਹਾਂ ਨੁਕਸਾਨਦਾਇਕ ਨਹੀਂ ਹੈ।
ਇਸ ਦੇ ਬਾਵਜੂਦ ਵੀ ਉਨ੍ਹਾਂ ਨੇ ਅਸਤੀਫ਼ਾ ਦੇ ਕੇ ਚੰਗਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਹੋਰ ਗੱਲ ਵੀ ਹੁੰਦੀ ਤੇ ਉਸ ਦਾ ਵੀ ਕੋਈ ਹੱਲ ਕੱਢਿਆ ਜਾਂਦਾ।
ਮਨੋਰੰਜਨ ਕਾਲੀਆ ਮੰਨਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਜੇਕਰ ਕੋਈ ਹੋਰ ਵੀ ਖਦਸ਼ਾ ਹੁੰਦਾ ਤਾਂ ਉਸ ਦਾ ਜ਼ਰੂਰ ਹੱਲ ਕੱਢਿਆ ਜਾਂਦਾ। ਕਾਲੀਆ ਨੇ ਕਿਹਾ ਕਿ ਹਰਸਿਮਰਤ ਬਾਦਲ ਨੂੰ ਅਸਤੀਫ਼ਾ ਨਹੀਂ ਦੇਣਾ ਚਾਹੀਦਾ ਸੀ। ਅਸਤੀਫ਼ਾ ਦੇਣ ਤੋਂ ਪਹਿਲਾ ਗੱਲਬਾਤ ਜ਼ਰੂਰ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਵੀ ਕਿਸਾਨਾਂ ਦੇ ਹਿੱਤਾਂ ਬਾਰੇ ਹੀ ਸੋਚਿਆ ਹੈ ਅਤੇ ਹਰ ਵੇਲੇ ਉਨ੍ਹਾਂ ਦਾ ਸਾਥ ਦਿੱਤਾ ਹੈ ਤਾਂ ਕਰਕੇ ਭਾਜਪਾ ਸਰਕਾਰ ਇੱਥੇ ਤੱਕ ਪਹੁੰਚ ਸਕੀ ਹੈ।