ਨਵਾਂ ਸ਼ਹਿਰ: ਪਿੰਡ ਪਠਾਲਾਵਾ ਵਿੱਚ ਜਰਮਨ ਤੋਂ ਪਰਤੇ ਬਲਦੇਵ ਸਿੰਘ ਨਾਂਅ ਦੇ ਬਜ਼ੁਰਗ ਵਿਅਕਤੀ ਦੀ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਕੋਰੋਨਾ ਵਾਇਰਸ ਕਾਰਨ ਮੌਤ ਦੀ ਖ਼ਬਰ ਸਾਹਮਣੇ ਆਈ ਹੈ।
ਦੱਸ ਦਈਏ, ਪਿਛਲੇ ਦਿਨੀਂ ਗਿਆਨੀ ਬਲਦੇਵ ਸਿੰਘ ਜਰਮਨ ਤੋਂ ਇਟਲੀ ਹੁੰਦਿਆਂ ਹੋਇਆਂ ਪੰਜਾਬ ਆਏ ਸਨ। ਇਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਜ਼ਿਆਦਾ ਖ਼ਰਾਬ ਹੋ ਗਈ ਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਬੰਗਾ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਵਿੱਚ ਦਾਖ਼ਲ ਕਰਵਾਉਣ ਤੋਂ ਬਾਅਦ ਗਿਆਨੀ ਬਲਦੇਵ ਸਿੰਘ ਦੇ ਸੈਂਪਲ ਦਿੱਲੀ ਭੇਜੇ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਸੀ। ਬਲਦੇਵ ਸਿੰਘ ਦੀ ਮੌਤ 'ਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਜ਼ਿਲ੍ਹਾ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਤੇ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਚਾਰੇ ਪਾਸੇ ਲੱਗਣ ਵਾਲੇ ਰਸਤਿਆਂ ਨੂੰ ਬੰਦ ਕਰਕੇ ਪੂਰਾ ਪਿੰਡ ਸੀਲ ਕਰ ਦਿੱਤਾ ਗਿਆ ਹੈ।
ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਬਲਦੇਵ ਸਿੰਘ ਦੀ ਮੌਤ ਤੋਂ ਬਾਅਦ ਬਾਹਰ ਤੋਂ ਆਉਣ ਵਾਲੇ ਵਿਅਕਤੀਆਂ 'ਤੇ ਵੀ ਰੋਕ ਲਾ ਦਿੱਤੀ ਗਈ ਹੈ। ਪਿੰਡ ਵਾਸੀ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਫੈਸਲੇ ਨੂੰ ਸਹੀ ਦੱਸ ਰਹੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕੋਰੋਨਾਵਾਇਰਸ ਨਾਲ ਮੌਤ ਹੋਣ ਦਾ ਇਹ ਪਹਿਲਾ ਮਾਮਲਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੀ ਕੋਰੋਨਾ ਵਾਇਰਸ ਦੇ 2 ਸ਼ੱਕੀ ਮਾਮਲੇ ਸਾਹਮਣੇ ਆਏ ਹਨ।