ਜਲੰਧਰ: ਫਿਲੌਰ ਦੇ ਥਾਣਾ ਮੁਕੰਦਪੁਰ ਵਿਖੇ ਪੁਲਿਸ ਨੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਿਆਂ ਤੇ ਸ਼ਿਕੰਜਾ ਕੱਸਦੇ ਹੋਏ ਦੋ ਵੱਖ-ਵੱਖ ਮੁਕੱਦਮਿਆਂ ‘ਚੋਂ ਪੰਜ ਬਦਮਾਸ਼ਾਂ ਨੂੰ ਕਾਬੂ ਕਰਕੇ ਭਾਰੀ ਮਾਤਰਾ ‘ਚ ਲੁੱਟ ਦਾ ਸਾਮਾਨ ਬਰਾਮਦ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀਪੀਐਸ ਗੁਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਦੇ ਕੋਲੋਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਹਥਿਆਰ ਦੀ ਨੋਕ ਤੇ ਮੋਬਾਈਲ ਖੋਹ ਕੇ ਫਰਾਰ ਹੋ ਗਏ ਸੀ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਦੋ ਮੈਂਬਰਾਂ ਨੂੰ ਲੁੱਟ ਦੇ ਸਾਮਾਨ ਸਮੇਤ ਗ੍ਰਿਫਤਾਰ ਕੀਤਾ ਹੈ।
ਪੁਲਿਸ ਵੱਲੋਂ ਕਾਬੂ ਕੀਤੇ ਦੋਸ਼ੀਆਂ ਦੀ ਪਹਿਚਾਣ ਰਾਹੁਲ ਉਰਫ ਰਿੱਕੀ ਵਾਸੀ ਗੁਰੂ ਨਾਨਕ ਨਗਰ ਨਵਾਂ ਸ਼ਹਿਰ ਰੋਡ ਬੰਗਾ ਅਤੇ ਸੁਰਿੰਦਰ ਕੁਮਾਰ ਪੁੱਤਰ ਸੁਖਬੀਰ ਵਾਸੀ ਸੁੱਖ ਮੱਲ੍ਹਾ ਦਰਸ਼ਨ ਰੋਡ ਬੰਗਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਚੋਰੀ ਦੇ 7 ਮੋਬਾਈਲ ਅਤੇ ਇੱਕ ਮੋਟਰ ਸਾਈਕਲ ਬਰਾਮਦ ਕੀਤਾ ਹੈ।
ਇਸੇ ਤਰ੍ਹਾਂ ਪੁਲਿਸ ਨੇ ਇੱਕ ਹੋਰ ਮਾਮਲੇ ‘ਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਬਲਬੀਰ ਸਿੰਘ, ਏਵਨਜੋਤ ਅਤੇ ਅਜੇ ਕੁਮਾਰ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੇ ਇਨ੍ਹਾਂ ਤਿੰਨਾਂ ਲੁਟੇਰਿਆਂ ਕੋਲੋਂ 16 ਮੋਬਾਇਲ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਕੀਮਤ ਤਿੱਨ ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਨੇ ਦੋਸ਼ੀਆਂ ਤੋਂ ਵਰਤੇ ਜਾਣ ਵਾਲੇ ਵਾਹਨ ਅਤੇ ਹਥਿਆਰ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਇਨ੍ਹਾਂ ਪੰਜਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।