ਜਲੰਧਰ: ਜ਼ਿਲ੍ਹੇ ਦੇ ਦੇਵੀ ਤਲਾਬ ਮੰਦਰ ਲਾਗੇ ਪਿਛਲੇ ਦਿਨੀਂ ਕੰਧਾਂ ਉੱਪਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਦੇ ਮਾਮਲੇ ਵਿੱਚ ਜਲੰਧਰ ਪੁਲਿਸ ਨੇ ਅਣਪਛਾਤੇ ਲੋਕਾਂ ’ਤੇ ਐਫ ਆਈ ਆਰ ਦਰਜ ਕਰ ਲਈ ਹੈ। ਜ਼ਿਲ੍ਹੇ ਦੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਜਲੰਧਰ ਵਿਖੇ ਕੱਲ੍ਹ ਕੁਝ ਅਣਪਛਾਤੇ ਲੋਕਾਂ ਵੱਲੋਂ ਦੇਵੀ ਤਲਾਬ ਮੰਦਰ ਦੇ ਨੇੜੇ ਕੰਧਾਂ ਉਪਰ ਖਾਲਿਸਤਾਨ ਜ਼ਿੰਦਾਬਾਦ ਲਿਖਿਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਨੂੰ ਕਈ ਵੱਡੇ ਕਲੂ ਹਾਸਿਲ ਹੋਏ ਹਨ ਅਤੇ ਇਸਦੇ ਨਾਲ ਹੀ ਇਲਾਕੇ ਦੇ ਸੀਸੀਟੀਵੀ ਦੀ ਵੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖ਼ਾਲਿਸਤਾਨ ਜ਼ਿੰਦਾਬਾਦ ਦੇ ਸਲੋਗਨ ਲਿਖਣ ਵਾਲੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਏਗਾ।
ਪੁਲਿਸ ਕਮਿਸ਼ਨਰ ਮੁਤਾਬਕ ਕੁਝ ਲੋਕ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਕਿਸੇ ਨੂੰ ਵੀ ਇਸ ਤਰ੍ਹਾਂ ਦੀ ਹਰਕਤ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਇੰਨ੍ਹਾਂ ਮਾਮਲਿਆਂ ਵਿੱਚ ਬਹੁਤ ਸਖ਼ਤੀ ਨਾਲ ਕੰਮ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਕੱਲ੍ਹ ਜਲੰਧਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਜਾਣ ਵਾਲੀਆਂ ਵੋਲਵੋ ਬੱਸਾਂ ਨੂੰ ਹਰੀ ਝੰਡੀ ਦੇਣ ਦਾ ਪ੍ਰੋਗਰਾਮ ਸੀ। ਇਸ ਤੋਂ ਪਹਿਲਾਂ ਹੀ ਸਵੇਰੇ ਕੰਧਾਂ ਦੇ ਉੱਪਰ ਖਾਲਿਸਤਾਨ ਜ਼ਿੰਦਾਬਾਦ ਦੇ ਸਲੋਗਨ ਲੱਗੇ ਹੋਏ ਦੇਖੇ ਗਏ ਜਿਸ ਤੋਂ ਬਾਅਦ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਗੈਂਗਸਟਰਾਂ ਦੀਆਂ ਧਮਕੀਆਂ ਨੂੰ ਲੈ ਕੇ ਸੀਐੱਮ ਮਾਨ ਦਾ ਵੱਡਾ ਬਿਆਨ, ਕਿਹਾ...