ਜਲੰਧਰ:ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਮੁਲਾਜ਼ਮਾਂ ਦੇ ਵੱਲੋਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਰੀਬ 7200 ਮੁਲਾਜ਼ਮ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਗਏ ਹਨ। ਇੰਨ੍ਹਾਂ ਮੁਲਾਜ਼ਮਾਂ ਦੇ ਹੜਤਾਲ ’ਤੇ ਜਾਣ ਨਾਲ ਪਨਬੱਸ ਅਤੇ ਪੀਆਰਟੀਸੀ ਦੀਆਂ ਸਰਕਾਰੀ ਬੱਸਾਂ ਨੂੰ ਬ੍ਰੇਕ ਲੱਗ ਗਈ ਹੈ। ਜਲੰਧਰ ਵਿੱਚ ਵੀ ਰੋਡਵੇਜ਼ ਮੁਲਾਜ਼ਮ ਬੱਸ ਸਟੈਂਡ ਤੋਂ ਬਾਹਰ ਬਣੇ ਪੰਜਾਬ ਰੋਡਵੇਜ਼ ਦੇ ਦਫ਼ਤਰ ਅੰਦਰ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਬੈਠ ਗਏ ਹਨ।
ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰਾਂ ਪਿਛਲੇ ਕਾਫੀ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਸਿਰਫ ਲਾਅਰੇ ਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸਲ ਵਿਚ ਸਰਕਾਰ ਵੱਲੋਂ ਕੀਤੇ ਵਾਅਦਿਆਂ ਵਿੱਚੋਂ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ। ਅਣਮਿੱਥੇ ਸਮੇਂ ਲਈ ਹੜਤਾਲ ’ਤੇ ਬੈਠੇ ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਦੇ ਪਰਿਵਹਿਨ ਮਹਿਕਮੇ ਨੂੰ ਕਰੀਬ ਦਸ ਹਜ਼ਾਰ ਬੱਸਾਂ ਦੀ ਲੋੜ ਹੈ ਜਦਕਿ ਮਹਿਕਮੇ ਵੱਲੋਂ ਨਾਮਾਤਰ ਬੱਸਾਂ ਚਲਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੱਚੇ ਰੋਡਵੇਜ਼ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਵੀ ਦਿੱਤੀ ਜਾਵੇ।
ਹੜਤਾਲ ਬੈਠੇ ਰੋਡੇਵੇਜ਼ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਅਣਵਮਿੱਥੇ ਸਮੇਂ ਦੇ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਹੜਤਾਲ ਉਦੋਂ ਹੀ ਖਤਮ ਹੋਵੇਗੀ ਜਦੋਂ ਸਰਕਾਰ ਮੰਗਾਂ ਨੂੰ ਮੰਨ ਲਵੇਗੀ। ਇਸ ਮੌਕੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਵੱਲੋਂ ਲੋਕਾਂ ਤੋਂ ਮੁਆਫੀ ਵੀ ਮੰਗੀ ਗਈ ਹੈ ਉਨ੍ਹਾਂ ਕਿਹਾ ਕਿ ਇਸ ਹੜਤਾਲ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਬੈਠੇ ਇੰਨ੍ਹਾਂ ਮੁਲਾਜ਼ਮਾਂ ਨੂੰ ਬਰਖਾਸਤ ਕਰਨ ਬਾਰੇ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਡਰਾਵੇ ਅਤੇ ਪਰਚੇ ਤਾਂ ਕਿਸਾਨਾਂ ਦੇ ਵੀ ਬਹੁਤ ਹੋਏ ਸਨ ਪਰ ਆਖ਼ਿਰ ਸਰਕਾਰ ਨੂੰ ਉਨ੍ਹਾਂ ਦੀ ਮੰਨਣੀ ਪਈ ਹੈ। ਆਗੂਆਂ ਮੁਤਾਬਕ ਜੇ ਸਰਕਾਰ ਉਨ੍ਹਾਂ ’ਤੇ ਕਿਸੇ ਵੀ ਤਰ੍ਹਾਂ ਦਾ ਕੋਈ ਐਕਸ਼ਨ ਲੈਂਦੀ ਹੈ ਵੱਖ-ਵੱਖ ਜਥੇਬੰਦੀਆਂ ਉਨ੍ਹਾਂ ਦੇ ਨਾਲ ਖੜ੍ਹੀਆਂ ਹਨ।
ਇਹ ਵੀ ਪੜ੍ਹੋ: ਸਫ਼ਰ ਕਰਨ ਵਾਲੇ ਹੋ ਜਾਣ ਸਾਵਧਾਨ, ਅੱਜ ਤੋਂ ਨਹੀਂ ਚੱਲਣਗੀਆਂ ਬੱਸਾਂ !