ਜਲੰਧਰ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਦੇ ਚੱਲਦੇ ਜਲੰਧਰ ਵਿੱਚ ਨਾਮਜ਼ਦਗੀ ਦੇ ਦੂਸਰੇ ਦਿਨ ਕੁੱਲ 6 ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖਲ ਕੀਤੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਵਿੱਚ ਨਾਮਜ਼ਦਗੀਆਂ ਦੇ ਦੂਜੇ ਦਿਨ 6 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਾਹਕੋਟ ਅਤੇ ਜਲੰਧਰ ਉੱਤਰੀ ਵਿਧਾਨ ਸਭਾ ਹਲਕਾ ਤੋਂ ਤਿੰਨ-ਤਿੰਨ ਉਮੀਦਵਾਰਾਂ ਨੇ ਸਬੰਧਤ ਰਿਟਰਨਿੰਗ ਅਫ਼ਸਰਾਂ ਕੋਲ ਆਪਣੇ ਭਰੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਚਿੱਤਰ ਸਿੰਘ ਨੇ ਕਾਗਜ਼ ਦਾਖ਼ਲ ਕੀਤੇ ਹਨ ਜਦਕਿ ਹਰਦੇਵ ਸਿੰਘ ਤੇ ਉਨ੍ਹਾਂ ਦੀ ਕਵਰਿੰਗ ਉਮੀਦਵਾਰ ਮਨਜਿੰਦਰ ਕੌਰ ਨੇ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਹਨ।
ਇਸੇ ਤਰ੍ਹਾਂ ਜਲੰਧਰ ਉੱਤਰੀ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਕ੍ਰਿਸ਼ਨ ਦੇਵ ਭੰਡਾਰੀ ਅਤੇ ਉਨ੍ਹਾਂ ਦੀ ਕਵਰਿੰਗ ਉਮੀਦਵਾਰ ਨੀਨਾ ਭੰਡਾਰੀ ਨੇ ਕਾਗਜ਼ ਦਾਖ਼ਲ ਕੀਤੇ ਹਨ। ਇਸ ਤੋਂ ਇਲਾਵਾ ਨੈਸ਼ਨਲਿਸਟ ਜਸਟਿਸ ਪਾਰਟੀ ਵੱਲੋਂ ਬਲਜਿੰਦਰ ਸੋਢੀ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।
ਘਨਸ਼ਿਆਮ ਥੋਰੀ ਨੇ ਅੱਗੇ ਦੱਸਿਆ ਕਿ ਚੋਣਾਂ ਸਬੰਧੀ ਨੋਟੀਫਿਕੇਸ਼ਨ 25 ਜਨਵਰੀ ਨੂੰ ਜਾਰੀ ਕੀਤਾ ਗਿਆ ਸੀ ਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 1 ਫਰਵਰੀ ਹੈ ਅਤੇ 30 ਜਨਵਰੀ ਨੂੰ ਜਨਤਕ ਛੁੱਟੀ ਹੋਣ ਕਾਰਨ ਕੋਈ ਨਾਮਜ਼ਦਗੀ ਪੱਤਰ ਨਹੀਂ ਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 4 ਫਰਵਰੀ ਹੈ।
ਉਨ੍ਹਾਂ ਸਮੂਹ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਉਮੀਦਵਾਰਾਂ ਨੂੰ ਪੂਰੀ ਚੋਣ ਪ੍ਰਕਿਰਿਆ ਦੌਰਾਨ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।ਜਿਕਰਯੋਗ ਹੈ ਕਿ ਜਲੰਧਰ ਵਿਖੇ ਵਿਧਾਨ ਸਭਾ ਹਲਕਿਆਂ ਵਿੱਚ ਤਕਰੀਬਨ ਹਰ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ: CM ਚੰਨੀ ਨੂੰ ਆਇਆ ਗੁੱਸਾ ! ਪ੍ਰੈਸ ਬ੍ਰੀਫਿੰਗ ਛੱਡੀ ਅੱਧ ਵਿਚਾਲੇ