ਜਲੰਧਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸਤ ਭਖਦੀ ਜਾ ਰਹੀ ਹੈ। ਲਗਾਤਾਰ ਸਿਆਸੀ ਆਗੂਆਂ ਦੇ ਪਾਰਟੀਆਂ ਬਦਲਣ ਦਾ ਦੌਰ ਵੀ ਜਾਰੀ ਹੈ। ਜਲੰਧਰ ਤੋਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਵਿਨਾਸ਼ ਚੰਦਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਹੈ। ਇਸਦੇ ਚੱਲਦੇ ਹੀ ਉਨ੍ਹਾਂ ਪਾਰਟੀ ਛੱਡ ਭਾਜਪਾ ਦਾ ਪੱਲ੍ਹਾ ਫੜ੍ਹ ਲਿਆ ਹੈ।
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਵਿੱਚ ਉਨ੍ਹਾਂ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਹੈ। ਜ਼ਿਕਰਯੋਗ ਹੈ ਕਿ ਅਵਿਨਾਸ਼ ਚੰਦਰ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਦੇ ਆਗੂ ਰਹੇ ਹਨ। ਇਸਦੇ ਨਾਲ ਹੀ ਉਹ ਅਕਾਲੀ ਦਲ ਭਾਜਪਾ ਗੱਠਜੋੜ ਸਰਕਾਰ ਦੌਰਾਨ ਉਹ ਚੀਫ ਪਾਰਲੀਮੈਂਟਰੀ ਸੈਕਟਰੀ ਵੀ ਰਹਿ ਚੁੱਕੇ ਹਨ।
ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਮਗਰੋਂ ਅਵਿਨਾਸ਼ ਚੰਦਰ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਨੂੰ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਸਹੀ ਕਦਮ ਉਠਾਉਣ ਨੂੰ ਕਹਿ ਰਹੇ ਸੀ ਪਰ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਨਹੀਂ ਸੁਣੀ ਗਈ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਪੰਜਾਬ ਦੇ ਅਤੇ ਦਲਿਤ ਭਾਈਚਾਰੇ ਦੇ ਮੁੱਦਿਆਂ ਨੂੰ ਲੈਕੇ ਉਨ੍ਹਾਂ ਵੱਲੋਂ ਕੇਂਦਰੀ ਮੰਤਰੀ ਨਾਲ ਵਿਚਾਰ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਖੁਦ ਗਜੇਂਦਰ ਸ਼ੇਖਾਵਤ ਨੇ ਉਨ੍ਹਾਂ ਨੂੰ ਇਹ ਵਾਅਦਾ ਕੀਤਾ ਹੈ ਕਿ ਉਨ੍ਹਾਂ ਦੇ ਸਮਾਜ ਦੀ ਹਰ ਮੰਗ ਅਤੇ ਮੁੱਦੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਉਹ ਦੋ ਵਾਰ ਜਲੰਧਰ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਅਵਿਨਾਸ਼ ਚੰਦਰ ਦਾ ਜਲੰਧਰ ਵਿਖੇ ਦਲਿਤ ਸਮਾਜ ਵਿੱਚ ਵੱਡਾ ਰਸੂਖ ਹੈ। ਪੰਜਾਬ ਦੀਆਂ ਇੰਨ੍ਹਾਂ ਚੋਣਾਂ ਵਿੱਚ ਦਲਿਤ ਭਾਈਚਾਰੇ ਨੂੰ ਲੈਕੇ ਸਿਆਸਤ ਭਖਦੀ ਜਾ ਰਹੀ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਦਲਿਤ ਨੂੰ ਆਪਣੇ ਨਾਲ ਜੋੜਨ ਦੇ ਲਈ ਹਰ ਤਰ੍ਹਾਂ ਦੇ ਹੱਥ ਕੰਢੇ ਅਪਣਾ ਰਹੀਆਂ ਹਨ।
ਇਹ ਵੀ ਪੜ੍ਹੋ: ਚੰਨੀ ਨੇ ਭਦੌੜ ਵਿਖੇ ਢਾਣੀ ਵਿੱਚ ਖੇਡੀ ਤਾਸ਼