ਜਲੰਧਰ: ਪੰਜਾਬ ਸਰਕਾਰ ਦੇ ਸਿਹਤ, ਡਾਕਟਰੀ ਸਿੱਖਿਆ ਅਤੇ ਖੋਜ ਸਲਾਹਕਾਰ ਡਾ. ਕੇ.ਕੇ. ਤਲਵਾਰ ਨੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਅੰਦਰ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਆਉਂਦੀ ਹੈ ਤਾਂ ਉਸ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ ਹੈ। ਸ਼ੁੱਕਰਵਾਰ ਨੂੰ ਉਹ ਇਥੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਅਤੇ 51 ਪ੍ਰਾਈਵੇਟ ਹਸਪਤਾਲਾਂ, ਜੋ ਕਿ ਜਲੰਧਰ ਵਿਖੇ ਕੋਵਿਡ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ, ਦੇ ਡਾਕਟਰਾਂ ਨਾਲ ਅਗਲੇ ਮਹੀਨਿਆਂ ਦੌਰਾਨ ਕੋਵਿਡ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰ ਰਹੇ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਕੇ.ਕੇ. ਤਲਵਾਰ ਨੇ ਕਿਹਾ ਕਿ ਪੰਜਾਬ ਨੇ ਅੱਠ ਮਹੀਨਿਆਂ ਦੀ ਮਿਆਦ ਦੌਰਾਨ ਇਸ ਮਾਰੂ ਵਾਇਰਸ ਦੀ ਪਹਿਲੀ ਲਹਿਰ ਤੋਂ ਬਹੁਤ ਕੁਝ ਸਿੱਖਿਆ ਹੈ ਅਤੇ ਹੁਣ ਜੇ ਦੂਜੀ ਲਹਿਰ ਆਉਂਦੀ ਹੈ, ਤਾਂ ਅਸੀਂ ਵਾਇਰਸ ਨਾਲ ਨਜਿੱਠਣ ਲਈ ਬਿਹਤਰ ਸਥਿਤੀ ਵਿਚ ਹੋਵਾਂਗੇ ਕਿਉਂਕਿ ਹੁਣ ਸਾਡੇ ਪਾਸ ਸਿਹਤ ਸਬੰਧੀ ਮਜ਼ਬੂਤ ਬੁਨਿਆਦੀ ਢਾਂਚਾ, ਮਨੁੱਖੀ ਸ਼ਕਤੀ, ਬਿਹਤਰ ਆਈਸੀਯੂ ਸੁਵਿਧਾਵਾਂ, ਵੈਂਟੀਲੇਟਰ, ਆਕਸੀਜ਼ਨ ਅਤੇ ਹੋਰ ਸੁਵਿਧਾਵਾਂ ਉਪਲਬਧ ਹਨ।
ਡਾ. ਤਲਵਾੜ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਵਾਇਰਸ ਤੋਂ ਹਰ ਕੀਮਤੀ ਜਾਨ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਇਸ ਵਾਰ ਪੰਜਾਬ ਵਿਚ ਪਹਿਲੀ ਲਹਿਰ ਤੋਂ ਸਿੱਖੇ ਬਿਹਤਰੀਨ ਮੈਡੀਕਲ ਅਭਿਆਸਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨਾਲ ਸਾਂਝਾ ਕਰਕੇ ਲੈਵਲ -3 ਦੇ ਮਰੀਜ਼ਾਂ ਲਈ ਸਮਰਪਿਤ ਆਈਸੀਯੂ ਸੁਵਿਧਾਵਾਂ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਗੋਲਡਨ ਪੀਰੀਅਡ (ਇੱਕ ਹਫ਼ਤੇ) ਦੌਰਾਨ ਲੈਵਲ-2 ਦੇ ਮਰੀਜ਼ਾਂ ਦੇ ਮਿਆਰੀ ਇਲਾਜ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਉਹ ਲੈਵਲ-3 ਵਿੱਚ ਤਬਦੀਲ ਨਾ ਹੋਣ ਅਤੇ ਪਹਿਲੇ ਪੜਾਅ ’ਤੇ ਠੀਕ ਹੋ ਸਕਣ।
ਸਲਾਹਕਾਰ ਨੇ ਉਨ੍ਹਾਂ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਦੀਆਂ ਸੰਸਥਾਵਾਂ ਵਿੱਚ ਆਉਣ ਵਾਲੇ ਹਰੇਕ ਮਰੀਜ਼ ਦੇ ਸਹੀ ਇਲਾਜ ਨੂੰ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ ਤਾਂ ਉਹ ਬਿਨਾਂ ਝਿਜਕ ਉਨ੍ਹਾਂ ਨਾਲ ਜਾਂ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਨੂੰ ਲੋਕਾਂ ਵਿੱਚ ਮਾਸਕ ਵੰਡਣ ਦੀ ਮੁਹਿੰਮ ਸ਼ੁਰੂ ਕਰਨ ਅਤੇ ਉਨ੍ਹਾਂ ਨੂੰ ਵਰਤਮਾਨ ਸਮੇਂ ਵਿੱਚ ਮਾਸਕ ਪਹਿਨਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਮਾਸਕ ਇਕੋ-ਇਕ ਵੈਕਸੀਨ ਹੈ।
ਜਪਾਨ, ਹਾਂਗ ਕਾਂਗ ਵਰਗੇ ਦੇਸ਼, ਜਿਥੇ ਕੋਵਿਡ ਦੇ ਬਹੁਤ ਘੱਟ ਮਾਮਲੇ ਸਾਹਮਣੇ ਆਏ ਕਿਉਂਕਿ ਲੋਕਾਂ ਨੇ ਚਿਹਰੇ ਦੇ ਮਾਸਕ ਸੱਭਿਆਚਾਰ ਨੂੰ ਅਪਣਾਇਆ, ਦਾ ਜ਼ਿਕਰ ਕਰਦਿਆਂ ਡਾ. ਤਲਵਾੜ ਨੇ ਲੋਕਾਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿਚ ਐਸਐਮਐਸ (ਸਮਾਜਿਕ ਦੂਰੀ, ਮਾਸਕ ਅਤੇ ਸੈਨੀਟਾਈਜ਼ੇਸ਼ਨ) ਦੇ ਸਿਧਾਂਤ ਦੀ ਪਾਲਣਾ ਕਰਨ ਲਈ ਕਿਹਾ ਤਾਂ ਜੋ ਪੰਜਾਬ ਵਿਚ ਕੋਵਿਡ ਨੂੰ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਜ਼ੁਕਾਮ ਵਰਗੇ ਲੱਛਣ ਹੋਣ 'ਤੇ ਤੁਰੰਤ ਆਰਟੀਪੀਸੀਆਰ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਜਲਦੀ ਇਲਾਜ ਸ਼ੁਰੂ ਕੀਤਾ ਜਾ ਸਕੇ ਅਤੇ ਮੌਤ ਦਰ ਨੂੰ ਘਟਾਇਆ ਜਾ ਸਕੇ।
ਡਾ. ਤਲਵਾੜ ਨੇ ਲੋਕਾਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿਚ ਐਸਐਮਐਸ (ਸਮਾਜਿਕ ਦੂਰੀ, ਮਾਸਕ ਅਤੇ ਸੈਨੀਟਾਈਜ਼ੇਸ਼ਨ) ਦੇ ਸਿਧਾਂਤ ਦੀ ਪਾਲਣਾ ਕਰਨ ਲਈ ਕਿਹਾ ਤਾਂ ਜੋ ਪੰਜਾਬ ਵਿਚ ਕੋਵਿਡ ਨੂੰ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਜ਼ੁਕਾਮ ਵਰਗੇ ਲੱਛਣ ਹੋਣ 'ਤੇ ਤੁਰੰਤ ਆਰਟੀਪੀਸੀਆਰ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਜਲਦੀ ਇਲਾਜ ਸ਼ੁਰੂ ਕੀਤਾ ਜਾ ਸਕੇ ਅਤੇ ਮੌਤ ਦਰ ਨੂੰ ਘਟਾਇਆ ਜਾ ਸਕੇ।