ਜਲੰਧਰ: ਪੰਜਾਬ ਵੱਡੇ ਪੱਧਰ ’ਤੇ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਲਈ ਪੂਰੀ ਤਰਾਂ ਤਿਆਰ ਹੈ। ਸਿਹਤ ਸੰਭਾਲ ਲਈ ਤਰਜੀਹ ਅਤੇ ਫਰੰਟਲਾਈਨ ਵਰਕਰਾਂ ਦੇ ਅਧਾਰ ’ਤੇ ਪਛਾਣ ਕਰਨ ਅਤੇ ਟੀਕਾਕਰਨ ਲਈ ਲੋੜੀਂਦੇ ਪ੍ਰੋਟੋਕੋਲ ਜਾਰੀ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਦਿੱਤੀ।
ਉਨਾਂ ਕਿਹਾ ਕਿ ਸੂਬੇ ਦਾ ਸਰਕਾਰੀ ਅਮਲਾ ਪੂਰੀ ਤਰਾਂ ਤਿਆਰ ਹੈ ਅਤੇ ਰਾਜ 'ਚ ਵੱਡੇ ਪੱਧਰ ’ਤੇ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਕੋਰੋਨਾ ਵੈਕਸੀਨ ਅਗਲੇ ਸਾਲ ਦੇ ਸ਼ੁਰੂ 'ਚ ਆਉਣ ਦੀ ਉਮੀਦ ਹੈ। ਵਿਨੀ ਮਹਾਜਨ ਆਪਣੇ ਚੱਲ ਰਹੇ ਫੀਲਡ ਦੌਰਿਆਂ ਦੇ ਹਿੱਸੇ ਵਜੋਂ ਜਲੰਧਰ ਜ਼ਿਲੇ ਦੇ ਦੌਰੇ ’ਤੇ ਸਨ। ਇਨਾਂ ਦੌਰਿਆਂ ਦਾ ਮੰਤਵ ਸ਼ਾਸਨ 'ਚ ਸੁਧਾਰ, ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਮੀਨੀ ਪੱਧਰ ‘ਤੇ ਜਨਤਕ ਸੇਵਾਵਾਂ ਦੀ ਸਪੁਰਦਗੀ 'ਚ ਸੰਪੂਰਨ ਜਵਾਬਦੇਹੀ, ਜ਼ਿੰਮੇਵਾਰੀ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ।
ਜਲੰਧਰ ਡਵੀਜ਼ਨ ਦੇ ਡਿਪਟੀ ਕਮਿਸ਼ਨਰਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਜਲੰਧਰ ਡਵੀਜ਼ਨ ਅਧੀਨ ਆਉਂਦੇ ਸੱਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੌਜੂਦਾ ਸਮੇਂ ਕੀਤੀ ਜਾ ਰਹੀ ਰੋਜ਼ਾਨਾ 30,000 ਟੈਸਟਿੰਗ 'ਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਅਤੇ ਟੈਸਟ ਦੇ ਨਤੀਜਿਆਂ ਲਈ 24 ਘੰਟੇ ਦੀ ਸਮਾਂ ਸੀਮਾ ਨੂੰ ਸਖ਼ਤੀ ਨਾਲ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸੂਬੇ 'ਚ ਕੋਵਿਡ ਦੀ ਸੰਭਾਵਤ ਦੂਜੀ ਲਹਿਰ ਦੇ ਅਸਰ ਨੂੰ ਘੱਟ ਕੀਤਾ ਜਾ ਸਕੇ।ਉਨਾਂ ਡਿਪਟੀ ਕਮਿਸ਼ਨਰ ਨੂੰ ਸਮਾਜਿਕ ਇਕੱਠਾਂ ਉੱਤੇ ਹਾਲੀਂ 'ਚ ਲਾਇਆਂ ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਸੂਬੇ 'ਚ ਤਿੱਖੀ ਨਿਗਰਾਨੀ ਬਣਾਏ ਰੱਖਣ ਦੀ ਹਦਾਇਤ ਕੀਤੀ ।
ਮੀਟਿੰਗ 'ਚ ਸਮੀਖਿਆ ਲਈ ਸਾਹਮਣੇ ਆਏ ਮਹੱਤਵਪੂਰਨ ਪ੍ਰਾਜੈਕਟਾਂ 'ਚ ਆਦਮਪੁਰ , ਅੰਮ੍ਰਿਤਸਰ, ਤਰਨ ਤਾਰਨ ਅਤੇ ਦਿੱਲੀ-ਕਟੜਾ ਐਕਸਪ੍ਰੈਸਵੇ ਪ੍ਰਾਜੈਕਟ ਦੀ ਜਾਣਕਾਰੀ ਲਈ। ਉਨ੍ਹਾਂ ਰਾਜ 'ਚ ਯੂਈਆਈਪੀ ਦੇ ਹਿੱਸੇ ਵਜੋਂ ਕੀਤੇ ਜਾ ਰਹੇ 11,000 ਕਰੋੜ ਰੁਪਏ ਦੇ ਕਾਰਜਾਂ ਅਤੇ ਐਸਵੀਸੀ ਦੇ ਹਿੱਸੇ ਵਜੋਂ 3,610 ਕਰੋੜ ਰੁਪਏ ਦੀ ਲਾਗਤ ਵਾਲੇ ਕਾਰਜਾਂ ‘ਤੇ ਤਸੱਲੀ ਪ੍ਰਗਟ ਕੀਤੀ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਦਸੰਬਰ ਦੇ ਅਖੀਰ ਤੱਕ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ 'ਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੀ 100 ਪ੍ਰਤੀਸ਼ਤ ਉਪਲਬਧਤਾ ਨੂੰ ਯਕੀਨੀ ਬਣਾਉਣ ‘ਤੇ ਧਿਆਨ ਕੇਂਦਰਿਤ ਕਰਨ ਲਈ ਵੀ ਕਿਹਾ।
ਉਨਾਂ ਕਿਹਾ ਕਿ ਅਧਿਕਾਰੀਆਂ ਨਾਲ ਅਜਿਹੀਆਂ ਜ਼ਮੀਨ ਪੱਧਰੀ ਮੀਟਿੰਗਾਂ ਕਰਨ ਦਾ ਉਦੇਸ਼ ਸਰਕਾਰ ਦੇ ਚੱਲ ਰਹੇ ਕੰਮਾਂ ਅਤੇ ਯੋਜਨਾਵਾਂ ਬਾਰੇ ਫੀਡਬੈਕ ਲੈਣਾ ਅਤੇ ਜ਼ਿਲਿਆਂ 'ਚ ਆ ਰਹੀ ਕਿਸੇ ਵੀ ਮੁਸ਼ਕਿਲ ਜਾਂ ਰੁਕਾਵਟਾਂ ਨੂੰ ਹੱਲ ਕਰਨਾ ਹੈ।