ਜਲੰਧਰ: ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਨੂੰ ਮੰਗਲਵਾਰ ਉਦੋਂ ਹੱਥਾਂ-ਪੈਰਾਂ ਦੀ ਪੈ ਗਈ ਜਦੋਂ ਪਾਣੀ ਸਪਲਾਈ ਅਤੇ ਸੈਨੀਟੇਸ਼ਨ ਵਰਕਰਾਂ ਨੇ ਪ੍ਰਦਰਸ਼ਨ ਕਰਦੇ ਹੋਏ ਟੈਂਕੀ 'ਤੇ ਜਾ ਚੜ੍ਹੇ। ਜਾਣਕਾਰੀ ਅਨੁਸਾਰ ਪਾਣੀ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਵੱਲੋਂ ਕੋਰੋਨਾ ਮਹਾਂਮਾਰੀ ਦੇ ਹੇਠ ਪੰਜਾਬ ਸਰਕਾਰ ਵੱਲੋਂ ਤਨਖਾਹ ਵਿੱਚੋਂ ਕੱਟੇ ਗਏ ਪੈਸੇ ਵਾਪਸ ਲੈਣ ਲਈ ਧਰਨਾ ਲਾਇਆ ਜਾ ਰਿਹਾ ਹੈ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੇ ਚਲਦੇ ਉਨ੍ਹਾਂ ਦੀ ਤਨਖਾਹ 'ਚ ਚਾਰ ਦਿਨ ਦਾ ਕੱਟ ਲਾਉਣਾ ਸ਼ੁਰੂ ਕਰ ਦਿੱਤਾ ਸੀ, ਜਿਸ ਸਬੰਧੀ ਉਹ ਦੋ ਮਹੀਨੇ ਤੋਂ ਕੁੱਝ ਅਧਿਕਾਰੀਆਂ ਦੇ ਨਾਲ ਮੀਟਿੰਗ ਵੀ ਕਰਦੇ ਰਹੇ ਆ ਰਹੇ ਹਨ। ਧਰਨੇ ਦੌਰਾਨ ਜਦੋਂ ਮੰਗਲਵਾਰ ਵੀ ਮੰਗ ਪੂਰੀ ਨਾ ਕੀਤੀ ਗਈ ਅਤੇ ਜਦੋਂ ਉਹ ਰੋਟੀ ਖਾਣ ਲੱਗੇ ਤਾਂ ਵਰਕਰ ਆਪਣੇ-ਆਪ ਹੀ ਅਚਾਨਕ ਟੈਂਕੀ 'ਤੇ ਚੜ੍ਹ ਗਏ।
ਉਨ੍ਹਾਂ ਦੱਸਿਆ ਕਿ ਵਰਕਰਾਂ ਦੇ ਟੈਂਕੀ 'ਤੇ ਚੜ੍ਹਨ ਦੀ ਖ਼ਬਰ ਜਦੋਂ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੱਗੀ ਤਾਂ ਉੱਚ ਅਧਿਕਾਰੀਆਂ ਦਾ ਫੋਨ ਆਉਣਾ ਸ਼ੁਰੂ ਹੋ ਗਿਆ ਕਿ ਉਨ੍ਹਾਂ ਦੀ ਬਕਾਇਆ ਰਾਸ਼ੀ ਬਹਾਲ ਕਰ ਦਿੱਤੀ ਗਈ ਹੈ। ਦੂਜੇ ਪਾਸੇ ਯੂਨੀਅਨ ਪ੍ਰਧਾਨ ਦਾ ਕਹਿਣਾ ਸੀ ਕਿ ਭਾਵੇਂ ਅਧਿਕਾਰੀਆਂ ਨੇ ਮੰਗਾਂ ਮੰਨ ਲਈਆਂ ਹਨ ਪਰ ਜਦੋਂ ਤੱਕ ਉਨ੍ਹਾਂ ਨੂੰ ਲਿਖਤੀ ਤੌਰ 'ਤੇ ਨਹੀਂ ਮਿਲ ਜਾਂਦਾ ਕਿ ਉਨ੍ਹਾਂ ਦੀ ਤਨਖਾਹ ਨਹੀਂ ਕੱਟੀ ਜਾਵੇਗੀ ਅਤੇ ਉਹ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ।
ਇਸ ਮੌਕੇ ਸੰਦੀਪ ਕੁਮਾਰ ਨੇ ਖੇਤੀ ਬਿੱਲਾਂ ਨੂੰ ਕਾਨੂੰਨ ਬਣਾਏ ਜਾਣ ਵਿਰੁੱਧ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਉਸ ਨੇ ਕਿਹਾ ਕਿ ਜਦੋਂ ਵੀ ਸੱਦਾ ਮਿਲੇਗਾ ਉਹ ਵੀ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਦੇ ਲਈ ਉਨ੍ਹਾਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋਣਗੇ।