ਜਲੰਧਰ: ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ ਨੇ ਅੱਜ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਜ਼ਿਲ੍ਹੇ ਵਿਚਲੇ ਸੇਵਾ ਕੇਂਦਰਾਂ ਦੇ ਕੰਮ-ਕਾਜ ਅਤੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ, ਜਿਸ ਅਨੁਸਾਰ 7 ਅਪ੍ਰੈਲ 2022 ਤੋਂ 7 ਮਈ 2022 ਤੱਕ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲ੍ਹੇ ਰਹਿਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਲੋਕਾਂ ਦੀ ਵੱਡੀ ਗਿਣਤੀ ਵਿੱਚ ਆਮਦ ਅਤੇ ਉਨ੍ਹਾਂ ਨੂੰ ਕਾਰਗਰ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ, ਜਿਸ ਤਹਿਤ ਸੇਵਾ ਕੇਂਦਰ ਵਿੱਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਦਿਨਾਂ ਦੌਰਾਨ ਸੇਵਾ ਕੇਂਦਰਾਂ ਵਿੱਚ ਸਵੇਰੇ 10 ਵਜੇ ਤੋਂ 4 ਵਜੇ ਤੱਕ ਸਮੁੱਚੇ ਕਾਊਂਟਰ ਕਾਰਜਸ਼ੀਲ ਰਹਿਣਗੇ ਜਦਕਿ ਸਵੇਰੇ 8 ਤੋਂ 10 ਵਜੇ ਤੱਕ ਅਤੇ ਸ਼ਾਮ 4 ਵਜੇ ਤੋਂ 6 ਵਜੇ ਤੱਕ 50 ਫੀਸਦੀ ਕਾਊਂਟਰ ਕਾਰਜਸ਼ੀਲ ਹੋਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸ਼ਨੀਵਾਰ ਤੇ ਐਤਵਾਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਸੇਵਾ ਕੇਂਦਰ ਖੁੱਲ੍ਹੇ ਰਹਿਣਗੇ ਅਤੇ ਇਨ੍ਹਾਂ ਦੋ ਦਿਨਾਂ ਦੌਰਾਨ 50 ਫੀਸਦੀ ਕਾਊਂਟਰਾਂ ਰਾਹੀਂ ਸੇਵਾਵਾਂ ਦਿੱਤੀਆਂ ਜਾਣਗੀਆਂ।
ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਕੁੱਲ 35 ਸੇਵਾ ਕੇਂਦਰ ਹਨ, ਜਿਨ੍ਹਾਂ ਵਿੱਚ 26 ਸ਼ਹਿਰੀ ਅਤੇ 9 ਪੇਂਡੂ ਖੇਤਰਾਂ ਵਿੱਚ ਹਨ। ਜ਼ਿਲ੍ਹੇ ਵਿਚਲੇ ਸੇਵਾ ਕੇਂਦਰਾਂ ਵਿਚ ਆਧਾਰ ਕਾਰਡ, ਜਨਮ ਤੇ ਮੌਤ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਵਿਆਹ ਰਜਿਸਟ੍ਰੇਸ਼ਨ ਸਰਟੀਫਿਕੇਟ, ਐਨ.ਆਰ.ਆਈ. ਸੈੱਲ, ਪੰਜਾਬ ਤੋਂ ਦਸਤਾਵੇਜ਼ਾਂ ਦੀ ਤਸਦੀਕ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 332 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ:ਸਰਹੱਦੀ ਕਿਸਾਨਾਂ ਦੇ ਹੱਕ 'ਚ ਗੁਰਜੀਤ ਔਜਲਾ ਨੇ ਲੋਕ ਸਭਾ 'ਚ ਚੁੱਕਿਆ ਮੁੱਦਾ, ਕਿਹਾ...