ਜਲੰਧਰ: ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਜਲੰਧਰ ਦੇ ਵਿਦਿਆਰਥੀਆਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਕੰਪਨੀ ਬਾਗ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਵਿੱਚ ਸਾਰੇ ਸੀਨੀਅਰ ਆਗੂ, ਵਿਦਿਆਰਥੀ ਤੇ ਹੋਰ ਲੋਕਾਂ ਨੇ ਵੀ ਆਪਣਾ ਰੋਸ ਜ਼ਾਹਰ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕੈਪਟਨ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪੰਜਾਬ ਦੇ ਹਰ ਸ਼ਹਿਰ ਵਿੱਚ ਲੜੀਵਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਰੋਸ ਮੁਜ਼ਾਹਰੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਜੀਤ ਸਿੰਘ ਲੀਲਾ ਮਹਿਲ ਨੇ ਮੌਜੂਦਾ ਕਾਂਗਰਸ ਸਰਕਾਰ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲ ਤੋਂ ਸਰਕਾਰ ਨੇ ਸੂਬੇ ਲਈ ਕੋਈ ਵੀ ਚੱਜ ਦਾ ਕੰਮ ਨਹੀਂ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ 2022 ਦੇ ਚੋਣਾਂ 'ਚ ਲੋਕਾਂ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।
ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਾਫ਼ੀ ਲੰਬੇ ਸਮੇਂ ਤੋਂ ਸਰਕਾਰੀ ਸਹਾਇਤਾ ਨਹੀਂ ਮਿਲ ਰਹੀਆਂ ਹਨ, ਜਿਸ ਕਾਰਨ ਕਈ ਵਿਦਿਆਰਥੀਆਂ ਆਪਣੀ ਪੜ੍ਹਾਈ ਨੂੰ ਛੱਡ ਚੁੱਕੇ ਹਨ। ਜੋ ਬੱਚੇ ਹਾਲੇ ਤੱਕ ਪੜ੍ਹਾਈ ਕਰ ਰਹੇ ਹਨ ਉਹ ਇਧਰੋਂ-ਉਧਰੋਂ ਪੈਸੇ ਦਾ ਇੰਤਜ਼ਾਮ ਕਰਕੇ ਪੜ੍ਹਾਈ ਕਰ ਰਹੇ ਹਨ। ਜੇਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਪੈਸਾ ਦੇ ਦਿੰਦੀ ਹੈ ਤਾਂ ਉਨ੍ਹਾਂ ਦੀ ਮਦਦ ਹੋਵੇਗੀ। ਵਿਦਿਆਰਥੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਲਦ ਤੋਂ ਜਲਦ ਐੱਸਸੀ ਐੱਸਟੀ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਤਹਿਤ ਫੰਡ ਦਿੱਤਾ ਜਾਵੇ ਤਾਂ ਜੋ ਵਿਦਿਆਰਥੀਆਂ ਦਾ ਆਉਣ ਵਾਲਾ ਭਵਿੱਖ ਸੁਨਿਹਰਾ ਬਣ ਸਕੇ।