ਜਲੰਧਰ: ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਦੇਸ਼ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ। ਜਲੰਧਰ ਵਿਖੇ ਵੀ ਕਿਸਾਨ ਯੂਨੀਅਨਾਂ ਵੱਲੋਂ 12 ਵਜੇ ਤੋਂ ਲੈ ਕੇ ਚਾਰ ਵਜੇ ਤੱਕ ਰੇਲ ਰੋਕੋ ਅੰਦੋਲਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਤੇ ਦਿੱਲੀ ਤੋਂ ਜੰਮੂ ਜਾ ਰਹੀ ਟਰੇਨ ਨੂੰ ਰੋਕ ਲਿਆ ਗਿਆ।
ਯਾਤਰੀਆਂ ਨੇ ਕੀਤਾ ਕਿਸਾਨਾਂ ਦਾ ਸਮਰਥਨ
ਇਸ ਦੌਰਾਨ ਯਾਤਰੀਆਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਇਸ ਸੰਘਰਸ਼ ਚ ਆਪਣਾ ਪੂਰਾ ਸਮਰਥਨ ਦੇ ਰਹੇ ਹਨ। ਇਨ੍ਹਾਂ ਯਾਤਰੀਆਂ ਵਿੱਚੋਂ ਕੋਈ ਅਹਿਮਦਾਬਾਦ ਤੋਂ ਵੈਸ਼ਨੋ ਮਾਤਾ ਜਾ ਰਿਹਾ ਸੀ ਤੇ ਕੋਈ ਜੰਮੂ। ਹਾਲਾਂਕਿ ਉਨ੍ਹਾਂ ਦੀ ਟਰੇਨ ਨੂੰ ਜਲੰਧਰ ਛਾਉਣੀ ਸਟੇਸ਼ਨ ਤੇ ਚਾਰ ਘੰਟਿਆਂ ਲਈ ਰੋਕ ਦਿੱਤਾ ਗਿਆ ਸੀ ਪਰ ਫਿਰ ਵੀ ਇਨ੍ਹਾਂ ਯਾਤਰੀਆਂ ਦਾ ਕਹਿਣਾ ਸੀ ਕਿ ਕਿਸਾਨ ਤਾਂ ਪਿਛਲੇ ਤਿੰਨ ਮਹੀਨਿਆਂ ਤੋਂ ਦਿੱਲੀ ਦੇ ਬਾਰਡਰ ’ਤੇ ਬੈਠੇ ਹਨ ਸਾਡੇ ਲਈ ਚਾਰ ਘੰਟੇ ਟਰੇਨ ਵਿੱਚ ਬੈਠ ਕੇ ਇੰਤਜ਼ਾਰ ਕਰਨਾ ਕਿਹੜੀ ਔਖੀ ਗੱਲ ਹੈ। ਯਾਤਰੀਆਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਲਦ ਤੋਂ ਜਲਦ ਇਸ ਮਸਲੇ ਦਾ ਹੱਲ ਕੱਢਣ।