ਜਲੰਧਰ: ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਤੂਰ ਨੇ ਸਪਸ਼ਟ ਸਬਦਾਂ ਵਿੱਚ ਕਿਹਾ ਕਿ ਐਸ.ਐਚ.ਓਜ਼ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕੋਈ ਵੀ ਵੱਡਾ ਜੁਰਮ ਹੋਣ ’ਤੇ ਜਿੰਮੇਵਾਰ ਠਹਿਰਾਇਆ ਜਾਵੇਗਾ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਐਚ.ਓ ਹੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਾਬੰਦ ਹਨ ਅਤੇ ਇਸ ਵਿੱਚ ਕਿਸੇ ਵੀ ਢਿੱਲ-ਮੱਠ ਨੂੰ ਸਹਿਣ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੁਲਿਸ ਦਾ ਮਤਲਬ ਲੋਕਾਂ ਦੀਆਂ ਸੇਵਾ ਕਰਨਾ ਹੈ ਅਤੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਆਪਣੀ ਡਿਊਟੀ ਹੋਰ ਲਗਨ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣੀ ਚਾਹੀਦੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਿੱਚ ਅਸਰਦਾਰ ਢੰਗ ਨਾਲ ਨਾਕਾਬੰਦੀ ਅਤੇ ਗਸ਼ਤ ਕਰਨ ਲਈ ਕਮਿਸ਼ਨਰੇਟ ਦੇ ਦਫਤਰਾਂ ਅਤੇ ਪੁਲਿਸ ਲਾਈਨ ਤੋਂ ਵਾਧੂ ਸੁਰੱਖਿਆ ਫੋਰਸਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਦੇ ਗਜ਼ਟਿਡ ਅਫ਼ਸਰਾਂ ਨੂੰ ਸ਼ਹਿਰ ਵਿੱਚ ਰਾਤ 10 ਵਜੇ ਤੱਕ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਗੈਰ ਸਮਾਜਿਕ ਤੱਤਾਂ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਦੇਰ ਸ਼ਾਮ ਅਤੇ ਰਾਤ ਦੀਆਂ ਡਿਊਟੀਆਂ ਨੂੰ ਹੋਰ ਮਜਬੂਤ ਕੀਤਾ ਗਿਆ ਹੈ।
ਸ਼ਹਿਰ ਵਾਸੀਆਂ ਤੋਂ ਸਰਗਰਮ ਸਹਿਯੋਗ ਦੀ ਮੰਗ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਲਈ ਉਪਲਬੱਧ ਹੈ ਪਰ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨ੍ਹਾਂ ਅਪਰਾਧ ਮੁਕਤ ਸਮਾਜ ਦੀ ਸਥਾਪਨਾ ਨਹੀਂ ਕੀਤੀ ਜਾ ਸਕਦੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨੇਕ ਕਾਜ ਲਈ ਪੁਲਿਸ ਦੀ ਸਹਾਇਤਾ ਨਹੀ ਅੱਗੇ ਆਉਣ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਲੋਕਾਂ ਦੇ ਵੱਡਮੁੱਲੇ ਸਹਿਯੋਗ ਸਦਕਾ ਜਲਦ ਹੀ ਸ਼ਹਿਰ ਨੂੰ ਅਪਰਾਧ ਮੁਕਤ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ: ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਨਹੀਂ ਮਿਲੀ ਜ਼ਮਾਨਤ