ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਸਤੀ ਦਾਨਿਸ਼ਮੰਦਾ ਵਿਖੇ ਕਰੀਬ 4.83 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਵਰਚੂਅਲ ਮਾਧਿਅਮ ਰਾਹੀਂ ਉਦਘਾਟਨ ਕੀਤਾ ਗਿਆ। ਉਦਘਾਟਨ ਸਮਾਰੋਹ ’ਚ ਮੌਕੇ ’ਤੇ ਮੌਜੂਦ ਵਿਧਾਇਕ ਸ਼ੀਤਲ ਅੰਗੂਰਾਲ ਨੇ ਇਹ ਸਕੂਲ ਲੋਕਾਂ ਨੂੰ ਸੌਂਪਿਆ ਹੈ। ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਵੀ ਮੌਜੂਦ ਸਨ। ਇਸ ਮੌਕੇ ਸ਼ੀਤਲ ਅੰਗੂਰਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਪਹਿਲੀ ਤਰਜੀਹ ਦਿੰਦੇ ਹੋਏ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ।
ਸਕੂਲ ਬਾਰੇ ਦਿੱਤੀ ਜਾਣਕਾਰੀ : ਉਨ੍ਹਾਂ ਦੱਸਿਆ ਕਿ 20766 ਵਰਗ ਫੁੱਟ ਏਰੀਏ ਵਿੱਚ ਉਸਾਰੀ ਗਈ ਸਕੂਲ ਦੀ ਇਸ ਇਮਾਰਤ ਵਿੱਚ ਹਾਈਟੈੱਕ ਕਲਾਸ ਰੂਮਜ਼ ਦੇ ਨਾਲ-ਨਾਲ ਬਾਇਓਲੋਜੀ ਲੈਬ, ਫਿਜ਼ੀਕਲ ਲੈਬ, ਕੈਮਿਸਟਰੀ ਲੈਬ, ਐਜੂਸੈਟ ਲੈਬ, ਕੰਪਿਊਟਰ ਲੈਬ, ਲਾਇਬ੍ਰੇਰੀ ਅਤੇ ਹੋਰ ਲੋੜੀਂਦੀਆਂ ਸਾਰੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਵੀ ਜਲਦ ਹੀ ਨੰਬਰ ਇਕ ਸੂਬਾ ਬਣਾਇਆ ਜਾਵੇਗਾ।
ਬੱਚਿਆਂ ਨੂੰ ਮਿਹਨਤ ਕਰਨ ਲਈ ਪ੍ਰੇਰਿਆ : ਇਸ ਦੌਰਾਨ ਵਿਧਾਇਕ ਸ਼ੀਤਲ ਅੰਗੂਰਾਲ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੂਰੀ ਮਿਹਤਨ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਸ਼ੀਤਲ ਅੰਗੂਰਾਲ ਨੇ ਕਿਹਾ ਕਿ ਸਰਕਾਰ ਸਿਖਿਆ ਖੇਤਰ ਵਿਚ ਵਿਕਾਸ ਲਈ ਵੱਡੇ ਫੈਸਲੇ ਲੈ ਰਹੀ ਹੈ। ਇਸੇ ਕੜੀ ਵਿੱਚ ਇਹ ਸਕੂਲ ਬੱਚਿਆਂ ਨੂੰ ਸਮਰਪਿਤ ਕੀਤਾ ਗਿਆ ਹੈ।
ਇਹ ਵੀ ਯਾਦ ਰਹੇ ਕਿ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਰੂਪਨਗਰ ਤੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ ਸੀ। ਇਸ ਮੌਕੇ ਉਨ੍ਹਾਂ ਵਲੋਂ ਇਕ ਜਾਗਰੂਕਤਾ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ। ਇਸ ਰਾਹੀਂ ਸਰਕਾਰੀ ਸਕੂਲਾਂ ਵਿਚ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਪ੍ਰਚਾਰ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਜੋ ਬੱਚੇ ਕਿਸੇ ਕਾਰਣ ਕਰਕੇ ਕਰਕੇ ਸਕੂਲਾਂ ਤੋਂ ਵਾਂਝੇ ਰਹਿ ਜਾਂਦੇ ਹਨ, ਉਨ੍ਹਾਂ ਨੂੰ ਸਕੂਲਾਂ ਵਿੱਚ ਲਿਆਉਣ ਲਈ ਪਹਿਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 117 ਸਕੂਲ ਆਫ ਐਮੀਨੈਂਸ ਦਾ ਦਾਖਿਲਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਪੋਰਟਲ ਜ਼ਰੀਏ ਇਥੇ ਦਾਖਿਲਾ ਲਿਆ ਜਾ ਸਕਦਾ ਹੈ।