ਜਲੰਧਰ: ਕਸਬਾ ਨਕੋਦਰ ਵਿਖੇ ਇੱਕ ਨਿੱਜੀ ਹਸਪਤਾਲ ਵਿਖੇ ਸ਼ੁੱਕਰਵਾਰ ਉਦੋਂ ਤਣਾਅਪੂਰਨ ਮਾਹੌਲ ਬਣ ਗਿਆ, ਜਦੋਂ ਹਿਮਾਚਲ ਵਾਸੀ ਇੱਕ ਔਰਤ ਦੀ ਹੋਈ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਹੰਗਾਮਾ ਸ਼ੁਰੂ ਕਰ ਦਿੱਤਾ। ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਮਨਪ੍ਰੀਤ ਕੌਰ ਦੀ ਮੌਤ ਲਈ ਨਿੱਜੀ ਹਸਪਤਾਲ ਦੇ ਡਾਕਟਰ ਜ਼ਿੰਮੇਵਾਰ ਹਨ। ਮੌਕੇ 'ਤੇ ਪੁੱਜੀ ਪੁਲਿਸ ਨੇ ਮਾਮਲੇ ਦੀ ਜਾਂਚ ਅਰੰਭ ਦਿੱਤੀ ਹੈ।
ਹਸਪਤਾਲ ਦੇ ਬਾਹਰ ਗੱਲਬਾਤ ਦੌਰਾਨ ਮ੍ਰਿਤਕ ਔਰਤ ਦੇ ਪਤੀ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਹਿਮਾਚਲ ਦੇ ਕਾਂਗੜਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਉਸ ਦੀ ਘਰਵਾਲੀ ਦੇ ਢਿੱਡ ਵਿੱਚ ਕੁੱਝ ਇੰਨਫੈਕਸ਼ਨ ਸੀ, ਜਿਸ ਕਾਰਨ ਚੈਕਿੰਗ ਕਰਵਾਉਣ ਲਈ ਮਨਪ੍ਰੀਤ ਕੌਰ ਨੂੰ ਨਕੋਦਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪਰੰਤੂ ਇਥੇ ਡਾਕਟਰਾਂ ਦੀ ਲਾਪਰਵਾਹੀ ਕਾਰਨ ਉਸ ਦੀ ਪਤਨੀ ਦੀ ਮੌਤ ਹੋ ਗਈ ਹੈ।
ਸੂਚਨਾ ਮਿਲਣ 'ਤੇ ਨਕੋਦਰ ਪੁਲਿਸ ਦੇ ਅਧਿਕਾਰੀ ਵੀ ਮੌਕੇ 'ਤੇ ਪੁੱਜੇ ਹੋਏ ਸਨ ਅਤੇ ਜਾਂਚ ਕੀਤੀ ਜਾ ਰਹੀ ਸੀ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜਤਿੰਦਰ ਕੁਮਾਰ ਸਬ ਇੰਸਪੈਕਟਰ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਰਿਪੋਰਟ ਆਉਣ 'ਤੇ ਹੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਹਸਪਤਾਲ ਦੇ ਡਾਕਟਰਾਂ ਨਾਲ ਵੀ ਮੌਤ ਸਬੰਧੀ ਕੋਈ ਗੱਲ ਨਹੀਂ ਹੋਈ ਹੈ, ਹਾਲਾਂਕਿ ਪਰਿਵਾਰਕ ਮੈਂਬਰਾਂ ਵੱਲੋਂ ਡਾਕਟਰਾਂ 'ਤੇ ਲਗਾਤਾਰ ਦੋਸ਼ ਲਾਏ ਜਾ ਰਹੇ ਹਨ, ਪਰੰਤੂ ਡਾਕਟਰਾਂ ਦੀ ਲਾਪਰਵਾਹੀ ਬਾਰੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗ ਸਕੇਗਾ।