ਜਲੰਧਰ: ਯੂਥ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖਿਲਾਫ਼ ਦਲਿਤ ਵਿਦਿਆਰਥੀਆਂ ਨੂੰ ਮਿਲਣ ਵਾਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਕਥਿਤ ਘੁਟਾਲੇ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਜਲੰਧਰ ਦੇ ਡੀ.ਸੀ. ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਅਤੇ ਰੋਸ ਮਾਰਚ ਵੀ ਕੱਢਿਆ ਗਿਆ।
ਇਸ ਦੌਰਾਨ ਅਕਾਲੀ ਦਲ ਦੇ ਵਰਕਰਾਂ ਨੇ ਪੁਲਿਸ ਵੱਲੋਂ ਕੀਤੀ ਬੈਰੀਕੇਡਿੰਗ ਨੂੰ ਵੀ ਤੋੜਿਆ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਅਤੇ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ ਲਗਾਤਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਆਦਮਪੁਰ ਤੋਂ ਅਕਾਲੀ ਦਲ ਦੇ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2 ਲੱਖ ਬੱਚਿਆਂ ਦੇ ਭਵਿੱਖ ਦਾ ਕਤਲ ਕੀਤਾ ਹੈ। ਇਹ ਬੱਚਿਆਂ ਦੇ ਭਵਿੱਖ ਦਾ ਕਤਲ ਕਰਨ ਵਿੱਚ ਕੈਪਟਨ ਅਮਰਿੰਦਰ ਸਿੰਘ ਤੇ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਸਾਰੇ ਵਿਧਾਇਕ ਸ਼ਾਮਿਲ ਹਨ।
ਉਨ੍ਹਾਂ ਕਿਹਾ ਕਿ ਇਹ ਸਭ ਆਪਸ ਵਿੱਚ ਮਿਲੇ ਹੋਏ ਹਨ ਅਤੇ ਇੱਕ ਦੂਸਰੇ ਨੂੰ ਕਲੀਨ ਚਿੱਟ ਦੇ ਰਹੇ ਹਨ ਪਰ ਅਜੇ ਤੱਕ ਕੋਈ ਵੀ ਸਾਫ਼ ਗੱਲ ਸਾਹਮਣੇ ਨਹੀਂ ਆਈ ਹੈ, ਜਿਸ ਦੇ ਚੱਲਦੇ ਅਕਾਲੀ ਦਲ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜੋ ਕਿ ਲਗਾਤਾਰ ਜਾਰੀ ਰਹੇਗਾ।