ਕਪੂਰਥਲਾ: ਸੂਬੇ ਦੇ ਵੱਖ-ਵੱਖ ਥਾਵਾਂ ਤੋਂ ਏਟੀਐਮ (ATM) ਲੁੱਟਣ ਦੀਆਂ ਕਈ ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਇਨ੍ਹਾਂ ਮਾਮਲਿਆਂ ਤੋਂ ਲਗਦਾ ਹੈ ਕਿ ਚੋਰਾਂ ਨੂੰ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਦਾ ਬਿਲਕੁੱਲ ਵੀ ਖੌਫ ਨਹੀਂ ਹੈ। ਇਸੇ ਤਰ੍ਹਾਂ ਦਾ ਮਾਮਲਾ ਕਪੂਰਥਲਾ (Kapurthala) ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਮੋਠਵਾਲ ਤੋਂ ਸਾਹਮਣੇ ਆਇਆ ਹੈ ਜਿੱਥੇ ਬੀਤੀ ਰਾਤ ਕੁਝ ਅਣਪਛਾਤੇ ਚੋਰਾਂ ਨੇ ਏਟੀਐੱਮ (ATM) ਲੁੱਟਣ ਦੀ ਕੋਸ਼ਿਸ਼ ਕੀਤੀ।
ਮਿਲੀ ਜਾਣਕਾਰੀ ਮੁਤਾਬਿਕ ਅਣਪਛਾਤੇ ਚੋਰਾਂ ਵੱਲੋਂ ਪੰਜਾਬ ਐਂਡ ਸਿੰਧ ਬੈਂਕ ਦੇ ਏਟੀਐਮ ਨੂੰ ਆਪਣਾ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਹਾਲਾਂਕਿ, ਅਣਪਛਾਤੇ ਚੋਰ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਅਸਫਲ ਰਹੇ। ਉਕਤ ਚੋਰ ਘਟਨਾ ਨੂੰ ਅੰਜਾਮ ਦਿੰਦੇ ਹੋਏ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਿਆ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਐਂਡ ਸਿੰਧ ਬੈਂਕ (Punjab & Sind Bank) ਦੇ ਬ੍ਰਾਂਚ ਮੈਨੇਜਰ ਪ੍ਰਦੀਪ ਨੇ ਦੱਸਿਆ ਕਿ ਬੀਤੀ ਰਾਤ ਏਟੀਐਮ ਨੂੰ ਕਿਸੇ ਅਣਪਛਾਤੇ ਚੋਰ ਵੱਲੋਂ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ, ਉਕਤ ਚੋਰ ਘਟਨਾ ਨੂੰ ਅੰਜਾਮ ਦਿੰਦੇ ਹੋਏ ਸੀਸੀਟੀਵੀ (CCTV) ਕੈਮਰੇ ਵਿੱਚ ਵੀ ਕੈਦ ਹੋ ਗਿਆ ਹੈ। ਉਨ੍ਹਾਂ ਨੇ ਤੁਰੰਤ ਹੀ ਇਸਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਦੇ ਦਿੱਤੀ ਹੈ। ਨਾਲ ਹੀ ਉਨ੍ਹਾਂ ਨੇ ਅਣਪਛਾਤੇ ਚੋਰਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਮੈਨੇਜਰ ਨੇ ਦੱਸਿਆ ਕਿ ਏਟੀਐਮ ਵਿੱਚ ਕਰੀਬ 3 ਲੱਖ ਰੁਪਏ ਦੀ ਨਕਦੀ ਮੌਜੂਦ ਸੀ, ਜੋ ਕਿ ਬਿਲਕੁੱਲ ਸੁਰੱਖਿਅਤ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਅਣਪਛਾਤੇ ਚੋਰ ਪਹਿਲਾਂ ਏਟੀਐਮ ਦਾ ਤਾਲਾ ਤੋੜ ਕੇ ਅੰਦਰ ਦਾਖਿਲ ਹੋਇਆ ਇਸ ਤੋਂ ਬਾਅਦ ਉਸਨੇ ਮਸ਼ੀਨ ਨਾਲ ਛੇੜਛਾਰ ਕਰਕੇ ਤਾਲਾ ਤੋੜਣ ਦੀ ਕੋਸ਼ਿਸ਼ ਕੀਤੀ ਪਰ ਏਟੀਐਮ ਚ ਲੱਗਿਆ ਦੂਜਾ ਤਾਲਾ ਚੋਰ ਦੁਆਰਾ ਤੋੜਿਆ ਨਹੀਂ ਜਾ ਸਕਿਆ।
ਦੂਜੇ ਪਾਸੇ ਮੌਕੇ 'ਤੇ ਪਹੁੰਚੇ ਥਾਣੇ ਦੇ ਇੰਚਾਰਜ ਹਰਜੀਤ ਸਿੰਘ ਘਟਨਾ ਸਥਾਨ ਦਾ ਮੁਆਇਨਾ ਕਰਦੇ ਹੋਏ ਕਿਹਾ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੈਂਕ ਮੈਨੇਜਰ ਦੇ ਬਿਆਨਾਂ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਦੇ ਪਿੱਛੇ ਭੇਜ ਦਿੱਤਾ ਜਾਵੇਗਾ।