ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਵੱਡੇ ਪੱਧਰ 'ਤੇ ਤਿਆਰੀਆਂ ਚੱਲ ਰਹੀਆਂ ਹਨ। ਸਮਾਗਮ ਨੂੰ ਲੈ ਕੇ ਸਥਾਨਕ ਸਰਕਾਰਾਂ ਵੱਲੋਂ ਵਿਭਾਗ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਦੇ ਵਿਭਾਗ ਸਥਾਨਕ ਸਰਕਾਰਾਂ ਵੱਲੋਂ ਸਮਾਗਮ ਵਾਲੀ ਸਾਰੀਆਂ ਥਾਂਵਾਂ ਨੂੰ 15 ਸੈਕਟਰਾਂ ਵਿੱਚ ਵੰਡ ਕੇ 1 ਨਵੰਬਰ ਤੋਂ 20 ਨਵੰਬਰ ਤੱਕ 5 ਜ਼ੋਨਲ ਇੰਚਾਰਜ ਲਗਾਏ ਗਏ ਹਨ। ਇਸ ਤੋਂ ਇਲਾਵਾ ਇਨ੍ਹਾਂ ਸੈਕਟਰਾਂ ਵਿੱਚ ਸਾਫ਼-ਸਫ਼ਾਈ, ਸਟਰੀਟ ਲਾਈਟਾਂ, ਸੀਵਰੇਜ, ਫੋਗਿੰਗ ਦੇ ਪ੍ਰਬੰਧ ਅਤੇ ਸਮੱਸਿਆਵਾਂ ਦੇ ਲਈ ਹਰ ਸੈਕਟਰ 'ਚ ਇੱਕ ਅਫ਼ਸਰ ਨੂੰ ਬਤੌਰ ਸੈਕਟਰ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਕਿ ਨਤਮਸਤਕ ਹੋਣ ਵਾਲੀ ਸੰਗਤ ਅਤੇ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਵਿਖੇ ਸੰਗਤ ਦੀ ਆਮਦ ਵੱਧਣੀ ਸ਼ੁਰੂ ਹੋ ਗਈ ਹੈ। ਰੇਲ ਵਿਭਾਗ ਵੱਲੋਂ ਵੀ ਸੁਲਤਾਨਪੁਰ ਲੋਧੀ ਲਈ 14 ਰੇਲ ਗੱਡੀਆਂ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਸ ਵਾਰ ਦੇ ਇਤਿਹਾਸਕ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਭਰ ਵਿੱਚ ਧਾਰਮਿਕ ਸਾਮਗਮ ਕਰਵਾਏ ਜਾ ਰਹੇ ਹਨ ਤੇ ਉੱਥੇ ਹੀ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ, 5 ਨਵੰਬਰ ਨੂੰ ਸੁਲਤਾਨਪੁਰ ਲੋਧੀ ਪੁੱਜੇਗਾ।
ਇਹ ਵੀ ਪੜੋ- ਮਹਿਮਾਨ ਵਜੋਂ ਨਹੀਂ, ਆਮ ਇਨਸਾਨ ਦੇ ਤੌਰ 'ਤੇ ਪਾਕਿਸਤਾਨ ਆਉਣਗੇ ਮਨਮੋਹਨ ਸਿੰਘ: ਪਾਕਿ ਮੰਤਰੀ