ਕਪੂਰਥਲਾ: ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਢਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਦਰਅਸਲ ਹਾਲ ਹੀ 'ਚ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ 1 ਰੁਪਏ ਦਾ ਵੈਟ ਵਧਾ ਦਿੱਤਾ ਹੈ, ਜਿਸ 'ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।
ਆਮ ਲੋਕਾਂ ਦੀ ਲੁੱਟ ਕਰ ਰਹੀ ਪੰਜਾਬ ਸਰਕਾਰ : ਕਿਸਾਨ ਸਭਾ 'ਚ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਪੰਜਾਬ ਸਰਕਾਰ 'ਤੇ ਤਾਅਨੇ ਮਾਰਦੇ ਹੋਏ ਕਿਹਾ ਕਿ ਜਦੋਂ ਅੰਤਰਰਾਸ਼ਟਰੀ ਪੱਧਰ 'ਤੇ ਡੀਜ਼ਲ ਜਾਂ ਪੈਟਰੋਲ ਦੀਆਂ ਕੀਮਤਾਂ ਘੱਟ ਹੁੰਦੀਆਂ ਹਨ ਤਾਂ ਵੀ ਇਸ ਦੀ ਕੀਮਤ 'ਚ ਕੋਈ ਕਮੀ ਨਹੀਂ ਆਉਂਦੀ, ਪਰ ਉਥੇ ਹੀ ਇਸ ਦੇ ਉਲਟ ਜਦੋਂ ਅੰਤਰਰਾਸ਼ਟਰੀ ਮੰਡੀ ਵਿਚ ਇਸ ਦੀ ਕੀਮਤ ਵਧਦੀ ਹੈ ਤਾਂ ਸੂਬੇ ਭਰ ਵਿਚ ਇਸ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋ ਜਾਂਦਾ ਹੈ, ਜੋ ਕਿ ਆਮ ਲੋਕਾਂ ਦੀ ਸਿੱਧੀ ਲੁੱਟ ਹੈ। ਉਨ੍ਹਾਂ ਦੋਵਾਂ ਸਰਕਾਰਾਂ, ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਉਤੇ ਵਧਾਏ ਟੈਕਸ ਨੂੰ ਘਟਾਉਣਾ ਚਾਹੀਦਾ ਹੈ ਨਾ ਕਿ ਵਧਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਭਗਵੰਤ ਮਾਨ ਕਹਿੰਦਾ ਹੈ ਕਿ ਉਸ ਦੀ ਸਰਕਾਰ ਚੰਗੀ ਹੈ ਤਾਂ ਉਸ ਨੂੰ ਇਹ ਟੈਕਸ ਘਟਾਉਣਾ ਚਾਹੀਦਾ ਹੈ।
ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਲੋਕਾਂ ਦੀ ਆਮਦਨ ਉਤੇ ਪਾਉਂਦੀ ਪ੍ਰਭਾਵ : ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਹਿਲਾਂ ਹੀ ਅਸਮਾਨ ਛੋਹ ਰਹੀਆਂ ਹਨ, ਪਰ ਜੇਕਰ ਸਰਕਾਰ ਟੈਕਸ ਲਗਾ ਕੇ ਇਨ੍ਹਾਂ ਦੀਆਂ ਕੀਮਤਾਂ ਵਧਾ ਰਹੀ ਹੈ ਤਾਂ ਇਹ ਸਰਾਸਰ ਗਲਤ ਹੈ, ਇਸ ਲਈ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਜਦੋਂ ਡੀਜ਼ਲ ਦੀਆਂ ਕੀਮਤਾਂ ਵਧਦੀਆਂ ਹਨ ਤਾਂ ਮਹਿੰਗਾਈ ਵੀ ਵਧਦੀ ਹੈ, ਜਿਸ ਨਾਲ ਲੋਕਾਂ ਦੀ ਆਮਦਨ 'ਤੇ ਕਾਫੀ ਅਸਰ ਪੈਂਦਾ ਹੈ। ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਢਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਵਧਾਏ ਗਏ ਟੈਕਸ ਨੂੰ ਤੁਰੰਤ ਵਾਪਸ ਲਿਆ ਜਾਵੇ।