ਕਪੂਰਥਲਾ : ਸ਼ਹਿਰ ਦੇ ਬਾਜ਼ਾਰ ਵਿੱਚ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਹਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਸ਼ਿਵਮ (19) ਵਜੋਂ ਹੋਈ ਹੈ। ਪੁਲਿਸ ਮੁਤਾਬਕ ਸ਼ਿਵਮ ਦਾ ਕਤਲ ਉਸ ਦੇ ਘਰ ਦੇ ਨਜ਼ਦੀਕੀ ਮੁੱਹਲੇ ਦੇ ਵਸਨੀਕ ਸਾਗਰ ਅਤੇ ਉਸ ਦੇ ਸਾਥੀਆਂ ਨੇ ਕੀਤਾ ਹੈ। ਇਨ੍ਹਾਂ ਦੋਹਾਂ ਵਿੱਚ ਪੁਰਾਣੀ ਆਪਸੀ ਰੰਜਿਸ਼ ਚੱਲ ਰਹੀ ਸੀ। ਮ੍ਰਿਤਕ ਸ਼ਿਵਮ ਅਤੇ ਸਾਗਰ ਦੀ ਇਸ ਰੰਜਿਸ਼ ਦਾ ਮੁੱਖ ਕਾਰਨ ਸਾਗਰ ਦੇ ਮਾਨਸਿਕ ਰੋਗੀ ਭਰਾ ਨੂੰ ਪਰੇਸ਼ਾਨ ਕੀਤੇ ਜਾਣ ਨੂੰ ਲੈ ਕੇ ਸ਼ੁਰੂ ਹੋਇਆ ਸੀ। ਜੋ ਕਿ ਬਾਅਦ ਵਿੱਚ ਵੱਧ ਗਿਆ। ਜਿਸ ਦੇ ਚਲਦੇ ਸਾਗਰ ਨੇ ਆਪਣੇ ਹੋਰ ਸਾਥਿਆਂ ਨਾਲ ਮਿਲ ਕੇ ਸ਼ਿਵਮ ਨਾਲ ਕੁੱਟਮਾਰ ਕੀਤੀ। ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ। ਉਨ੍ਹਾਂ ਨੇ ਦੋਹਾਂ ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਉਨ੍ਹਾਂ ਜਲਦ ਹੀ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ।