ਕਪੂਰਥਲਾ: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਦੇ ਸਹਿਯੋਗ ਨਾਲ ਅੱਜ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਹਾੜੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਕਿਸਾਨਾਂ ਨੂੰ ਜਾਗਰਕੂ ਕੀਤਾ ਗਿਆ। ਕੈਂਪ ਦਾ ਉਦਘਾਟਨ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਵਲੋਂ ਕੀਤਾ ਗਿਆ।
ਕਿਸਾਨ ਆਰਥਿਕ ਸਥਿਤੀ ਨੂੰ ਕਰਨ ਮਜ਼ਬੂਤ: ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਹਾਜ਼ਰ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕਿਸਾਨ ਸਿਖਲਾਈ ਕੈਂਪ ਅਗਾਂਹਵਧੂ ਕਿਸਾਨਾਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਭੇਜੀ ਜਾ ਰਹੀ ਕਿਸੇ ਵੀ ਤਰ੍ਹਾਂ ਦੀ ਮਦਦ ਜਿਵੇਂ ਕਿ ਲਿਟਰੇਟਰ, ਸੈਂਪਲ ਆਦਿ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ।
ਕਰਨੈਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿਚ ਵੱਖ-ਵੱਖ ਅਦਾਰਿਆਂ ਤੋਂ ਮਾਹਿਰਾਂ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਪ੍ਰਦਰਸ਼ਨੀ ਵੀ ਲਗਾਈ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਕਿਸਾਨ ਸੂਝ-ਬੂਝ ਨਾਲ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀ ਸਹਾਇਤਾ ਲੈ ਕੰਮ ਕਰ ਰਹੇ ਹਨ, ਉਹ ਹਮੇਸ਼ਾਂ ਮੁਨਾਫਾ ਹਾਸਲ ਕਰਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲੀ ਵਿਭਿੰਨਤਾ ਨੂੰ ਅਪਣਾ ਆਪਣੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਕਰਨ।
ਕਰਨੈਲ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਪਰਾਲੀ ਨੂੰ ਨਾ ਸਾੜਨ ਸਬੰਧੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੇਸ਼ ਆਉਂਦੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਵੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਸਮੂਹ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਾਤਾਵਰਣ ਨੂੰ ਸਾਫ ਰੱਖਣ ਵਿੱਚ ਬਣਦਾ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।
ਵਾਤਾਵਰਣ ਦੀ ਸੰਭਾਲ ਸਮੇਂ ਦੀ ਅਹਿਮ ਲੋੜ : ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਮੇਂ ਫ਼ਸਲਾਂ ਦੀ ਗੁਣਵਤਾ ਅਤੇ ਵਾਤਾਵਰਣ ਦੀ ਸੰਭਾਲ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਫਸਲਾਂ ਦੀ ਮਿਆਰੀ ਪੈਦਾਵਾਰ ਕਰਨ ’ਤੇ ਜ਼ੋਰ ਦਿੱਤਾ, ਤਾਂ ਜੋ ਲੋੜ ਤੋਂ ਵੱਧ ਜ਼ਹਿਰਾ ਦੀ ਵਰਤੋਂ ਤੋਂ ਹੁੰਦੇ ਪ੍ਰਭਾਵਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਾਹਿਰਾਂ ਵਲੋਂ ਨਵੀਆਂ ਤਕਨੀਕਾਂ ਨਾਲ ਖੇਤੀਬਾੜੀ ਨੂੰ ਅਪਣਾਉਣ ਦੀ ਦੇਣ ਲੋੜ ਹੈ, ਤਾਂ ਜੋ ਗੁਰੂ ਸਾਹਿਬ ਦੇ ਉਪਦੇਸ਼ਾਂ ਦੀ ਪਾਲਣਾ ਕਰਦੇ ਹੋਏ ਜੀਵਨ ਬਤੀਤੀ ਕੀਤਾ ਜਾ ਸਕੇ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਵਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆ ਕਿਹਾ ਗਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਪਰਾਲੀ ਪ੍ਰਬੰਧਨ ਲਈ ਉੱਪ ਦਾਨ ਤੇ ਖੇਤੀ ਮਸ਼ੀਨਰੀ ਦਿੱਤੀ ਗਈ ਹੈ। ਕਿਸਾਨਾਂ ਨੂੰ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਦੇ ਹੋਏ ਪਰਾਲੀ ਦੀ ਸੰਭਾਲ ਕਰਨੀ ਚਾਹੀਦੀ ਹੈ।
ਉੱਥੇ ਹੀ, ਮੁੱਖ ਖੇਤੀਬਾੜੀ ਅਫ਼ਸਰ ਡਾ. ਨਰੇਸ਼ ਗੁਲਾਟੀ ਨੇ ਦੱਸਿਆਂ ਕਿ ਪਿਛਲੇ ਸਾਲ ਜ਼ਿਲ੍ਹੇ ਵਿੱਚ ਤਕਰੀਬਨ 1.08 ਲੱਖ ਹੈਕਟੇਅਰ ਰਕਬਾ ਕਣਕ ਹੇਠ ਸੀ, ਜੋ ਇਸ ਸਾਲ ਵੀ ਸਥਿਰ ਰਹਿਣ ਦੀ ਆਸ ਹੈ। ਉਨ੍ਹਾਂ ਖਾਦਾਂ ਅਤੇ ਖੇਤੀ ਰਸਾਇਣਾਂ ਦੀ ਵਰਤੋਂ ਸਿਫਾਰਸ਼ ਅਨੁਸਾਰ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਪਿਛਲੇ ਸਾਲਾਂ ਦੌਰਾਨ ਕੁੱਲ 4749 ਮਸ਼ੀਨਾਂ ਕਿਸਾਨਾਂ, ਕਿਸਾਨ ਗਰੁਪਾਂ,ਗ੍ਰਾਮ ਪੰਚਾਇਤਾ ਅਤੇ ਸਹਿਕਾਰੀ ਸਭਾਵਾਂ ਨੂੰ ਸਬਸਿਡੀ ’ਤੇ ਦਿੱਤੀਆ ਗਈਆ ਹਨ ਅਤੇ ਇਸ ਸਾਲ ਵੀ ਪਰਾਲੀ ਦੇ ਪ੍ਰਬੰਧਨ ਲਈ ਸਬਸਿਡੀ ਤੇ 701 ਮਸ਼ੀਨਾਂ ਪਾਸ ਕੀਤੀ ਗਈਆਂ ਹਨ।