ਕਪੂਰਥਲਾ: ਪੂਰੇ ਭਾਰਤ ਵਿੱਚ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਲੋਕਾਂ ਵੱਲੋਂ ਪਟਾਕੇ ਚਲਾਏ ਜਾਂਦੇ ਹਨ ਜਿਸ ਨਾਲ ਸਾਡਾ ਵਾਤਾਵਰਣ ਪਲੀਤ ਹੁੰਦਾ ਹੈ। ਸੁਲਤਾਨਪੁਰ ਲੋਧੀ ਵਿਖੇ ਨਿਰਮਲ ਕੁਟੀਆ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕਾਂ ਨੂੰ ਪਟਾਕੇ ਚਲਾਉਣ ਦੀ ਬਜਾਏ ਪੌਦੇ ਲਗਾ ਕੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਦਾ ਸੁਨੇਹਾ ਦਿੱਤਾ ਹੈ।
ਇਸ ਮੌਕੇ ਸੰਤ ਸੀਚੇਵਾਲ ਨੇ ਕਿਹਾ ਕਿ ਇਸੇ ਦਿਨ ਗੁਰੂ ਹਰਗੋਬਿੰਦ ਸਿੰਘ ਜੀ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਨੂੰ ਮੁਕਤ ਕਰਵਾ ਕੇ ਅੰਮ੍ਰਿਤਸਰ ਵਿਖੇ ਪੁੱਜੇ ਸੀ ਅਤੇ ਅੱਜ ਦੇ ਹੀ ਦਿਨ ਭਗਵਾਨ ਰਾਮ ਚੰਦਰ ਅਯੁੱਧਿਆ ਆਏ ਸੀ, ਜਿਨ੍ਹਾਂ ਦੀ ਖ਼ੁਸ਼ੀ ਵਿੱਚ ਲੋਕਾਂ ਨੇ ਦੀਪ ਜਲਾਏ ਸੀ।
ਉਨ੍ਹਾਂ ਨੇ ਇਸ ਮੌਕੇ ਲੋਕਾਂ ਨੂੰ ਇਹ ਸੁਨੇਹਾ ਦਿੱਤਾ ਕਿ ਇਸ ਵਾਰ ਲੋਕਾਂ ਨੂੰ ਪਟਾਕਿਆਂ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਜੋ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ। ਇਸ ਕੋਰੋਨਾ ਮਹਾਂਮਾਰੀ ਕਾਰਨ ਲੋਕ ਪਹਿਲਾਂ ਹੀ ਕਾਫ਼ੀ ਪ੍ਰੇਸ਼ਾਨ ਹਨ ਤੇ ਜੇਕਰ ਉਹ ਚਾਹੁੰਦੇ ਹਨ ਕਿ ਲੋਕ ਸਿਹਤਮੰਦ ਰਹਿਣ ਤਾਂ ਲੋਕਾਂ ਨੂੰ ਹਰੀ ਦੀਵਾਲੀ ਮਨਾਉਣੀ ਚਾਹੀਦੀ ਹੈ।