ਕਪੂਰਥਲਾ: ਪੰਜਾਬ ਦੇ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋਣ ਦੇ ਨਾਲ ਹੀ ਸੁਲਤਾਨਪੁਰ ਲੋਧੀ ਵਿੱਚ ਵੀ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ (Government procurement of paddy started) ਹੋ ਚੁੱਕੀ ਹੈ। ਜਿਸਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ (Sultanpur Lodhi) ਦੀ ਨਵੀਂ ਦਾਣਾ ਮੰਡੀ ਵਿਖੇ ਸਥਾਨਕ ਐਸ ਡੀ ਐਮ ਰਣਜੀਤ ਸਿੰਘ ਭੁੱਲਰ ਅਤੇ ਮਾਰਕਿਟ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ ਪੱਪਾ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਾਰਵਾਈ ਗਈ। ਇਸ ਮੌਕੇ ਤੇ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਸਪੁੱਤਰ ਜਸਕਰਨ ਸਿੰਘ ਚੀਮਾ,ਨਗਰ ਕੌਸਰ ਪ੍ਰਧਾਨ ਦੀਪਕ ਧੀਰ ਰਾਜੂ, ਸੈਕਟਰੀ ਅਨਿਲ ਅਰੋੜਾ ਅਤੇ ਵੱਡੀ ਗਿਣਤੀ ‘ਚ ਆੜ੍ਹਤੀਏ ਅਤੇ ਕਿਸਾਨ ਮੌਜੂਦ ਰਹੇ।
ਇਸ ਮੌਕੇ ‘ਤੇ ਐਸ ਡੀ ਐਮ ਰਣਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਕਿਸਾਨਾਂ ਦੇ ਝੋਨੇ ਦੀ ਨਿਰਵਿਘਨ ਖਰੀਦ ਲਈ ਵੱਚਨਬੱਧ ਹੈ ਤੇ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ, ਲੇਬਰ, ਆੜਤੀਆਂ ਆਦਿ ਨੂੰ ਕਿਸੇ ਵੀ ਤਰਾਂ ਦੀ ਸਮੱਸਿਆ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀ, ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਖਰੀਦ ਅਤੇ ਲਿਫਟਿੰਗ ਦੇ ਕੰਮ ਨੂੰ ਸਮੇਂ ਸਿਰ ਨੇਪੜੇ ਚਾੜ੍ਹਣਗੇ।
ਉਨਾਂ ਕਿਹਾ ਕਿ ਕਿਸਾਨਾਂ ਦੇ ਖਰੀਦੇ ਗਏ ਝੋਨੇ ਦੀ ਅਦਾਇਗੀ ਵੀ ਮਿੱਥੇ ਸਮੇਂ ਵਿਚ ਯਕੀਨੀ ਬਨਾਈ ਜਾਵੇਗੀ। ਇਸ ਤੋਂ ਪਹਿਲਾਂ ਐਸ ਡੀ ਐਮ (SDM) ਰਣਜੀਤ ਸਿੰਘ ਭੁੱਲਰ ਵੱਲੋਂ ਮਾਰਕੀਟ ਕਮੇਟੀ ਦਫਤਰ ਦੇ ਮੀਟਿੰਗ ਹਾਲ ਵਿੱਚ ਖਰੀਦ ਏਜੰਸੀਆਂ ਦੇ ਇੰਸਪੈਕਟਰ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਡਿਊਟੀ ਦੌਰਾਨ ਕਿਸੇ ਵੀ ਅਧਿਕਾਰੀ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਮੰਡੀ ਦਾ ਦੌਰਾ ਵੀ ਕੀਤਾ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਪਰਵਿੰਦਰ ਸਿੰਘ ਪੱਪਾ ਨੇ ਕਿਹਾ ਕਿ ਪੰਜਾਬ ਸਰਕਾਰ ਡਟ ਕੇ ਕਿਸਾਨਾਂ ਨਾਲ ਖੜੀ ਹੈ ਅਤੇ ਝੋਨੇ ਦੀ ਖ਼ਰੀਦ ਵਿਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਝੋਨੇ ਦੀ ਖ਼ਰੀਦ ਜਲਦੀ ਤੋਂ ਜਲਦੀ ਸ਼ੁਰੂ ਕਰਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਪੀਲ ਨੂੰ ਸਵਿਕਾਰਦਿਆਂ ਭਾਰਤ ਸਰਕਾਰ ਨੇ ਸੂਬੇ ਨੂੰ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਝੋਨੇ ਦੀ ਖਰੀਦ ਲਈ ਸਮੂਹ ਖਰੀਦ ਕੇਂਦਰਾਂ ਵਿੱਚ ਛਾਂ, ਰੌਸ਼ਨੀ, ਪਾਣੀ ਤੇ ਸਫਾਈ ਆਦਿ ਦਾ ਪ੍ਰਬੰਧ ਕਰਵਾਇਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਦਿਨ ਵੇਲੇ ਹੀ ਝੋਨੇ ਦੀ ਕਟਾਈ ਕਰਨ ਅਤੇ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ 11 ਅਕਤੂਬਰ ਤੱਕ ਅੱਗੇ ਪਾ ਦੇਣ ਦੇ ਫ਼ੈਸਲੇ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ 1 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਨਿੱਜੀ ਤੌਰ ਉਤੇ ਮਿਲ ਕੇ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ 3 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ।