ਸੁਲਤਾਨਪੁਰ ਲੋਧੀ : ਜਗਤ ਗੁਰੂ ਬਾਬਾ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੀ ਗਈ 'ਸ਼ਬਦ ਗੁਰੂ ਯਾਤਰਾ' ਲਗਭਗ ਚਾਰ ਮਹੀਨਿਆਂ ਦੌਰਾਨ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੰਨ ਹੋ ਗਈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਸ਼ਬਦ ਗੁਰੂ ਯਾਤਰਾ 7 ਜਨਵਰੀ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਹੀ ਆਰੰਭੀ ਗਈ ਸੀ। ਅੱਜ ਇਥੇ ਸੰਪੂਰਨਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਬਦ ਗੁਰੂ ਯਾਤਰਾ ਦਾ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਂਟ ਕੀਤੇ।
ਸੰਪੂਰਨਤਾ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ ਨੇ ਅਰਦਾਸ ਕੀਤੀ। ਇਸ ਸਮੇਂ ਵੱਡੀ ਪੱਧਰ ’ਤੇ ਸੰਗਤਾਂ ਮੌਜੂਦ ਸਨ, ਜਿਨ੍ਹਾਂ ਨੇ ਖ਼ਾਲਸਾਈ ਜੈਕਾਰਿਆਂ ਨਾਲ ਸ਼ਬਦ ਗੁਰੂ ਯਾਤਰਾ ਦਾ ਸਵਾਗਤ ਕੀਤਾ।
ਇਸ ਮੌਕੇ ਭਾਈ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਿੱਖ ਜਗਤ ਵੱਲੋਂ ਕੌਮਾਂਤਰੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਸੰਗਤ ਵਿੱਚ ਪ੍ਰੇਰਣਾ ਅਤੇ ਉਤਸ਼ਾਹ ਪੈਦਾ ਕਰਨ ਲਈ ਆਰੰਭੀ ਗਈ 'ਸ਼ਬਦ ਗੁਰੂ ਯਾਤਰਾ' ਸਫ਼ਲਤਾਪੂਰਵਕ ਸੰਪੰਨ ਹੋਈ ਹੈ। ਉਨ੍ਹਾਂ ਸ਼ਬਦ ਗੁਰੂ ਯਾਤਰਾ ਦੇ ਵੱਖ-ਵੱਖ ਪੜਾਵਾਂ ਦੌਰਾਨ ਸਹਿਯੋਗ ਕਰਨ ਵਾਲੀਆਂ ਸਿੱਖ ਜਥੇਬੰਦੀਆਂ, ਸਭਾ ਸੁਸਾਇਟੀਆਂ, ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਭਾਈ ਲੌਂਗੋਵਾਲ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਸ਼ਤਾਬਦੀ ਸਮਾਗਮਾਂ ਤੱਕ ਨਿਰੰਤਰ ਜਾਰੀ ਰਹਿਣਗੇ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਲਿਆ ਜਾਵੇਗਾ।