ਕਪੂਰਥਲਾ: ਸਥਾਨਕ ਸਿਵਲ ਹਸਪਤਾਲ ਦੀਆਂ ਸਟਾਫ਼ ਨਰਸਾਂ ਨੇ ਕਾਲੇ ਬਿੱਲੇ ਲਾ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਟਾਫ਼ ਨਰਸਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਪਣੀਆਂ ਮੰਗਾਂ ਦੱਸੀਆਂ। ਸਟਾਫ਼ ਨਰਸ ਨੇ ਕਿਹਾ ਕਿ ਉਨ੍ਹਾਂ ਮੁਤਾਬਕ 6 ਸਤੰਬਰ ਨੂੰ ਸਰਕਾਰ ਨੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਮਿਤੀ 06/09/2020 ਨੂੰ ਪੱਤਰ ਰਾਹੀਂ ਨੋਟੀਫਿਕੇਸ਼ਨ ਜਾਰੀ ਕਰ ਕੁਝ ਭਰਤੀਆਂ ਕੀਤੀਆਂ ਸਨ।
ਇਨ੍ਹਾਂ ਵਿੱਚ ਲੈਬ ਤਕਨੀਸ਼ੀਅਨ ਦੀ ਤਨਖ਼ਾਹ 25000, ਫਾਰਮਿਸਟ ਦੀ ਤਨਖ਼ਾਹ 20,000 ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਸਟਾਫ਼ ਨਰਸਾਂ ਸਭ ਤੋਂ ਵੱਧ ਡਿਊਟੀ ਨਿਭਾ ਰਹੀਆਂ ਹਨ ਤੇ ਇੰਨੀ ਘੱਟ ਤਨਖ਼ਾਹ ਦਾ ਸਕੇਲ ਰੱਖ ਕੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਕਿਤੇ ਨਾ ਕਿਤੇ ਡੀ-ਗ੍ਰੇਡ ਕੀਤਾ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਨਰਸਿੰਗ ਯੂਨੀਅਨ ਵੱਲੋਂ ਕਾਲੇ ਬਿਲੇ ਲਗਾ ਰੋਸ ਪ੍ਰਗਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਾਡੀ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ। ਇਸ ਦੇ ਬਾਵਜੂਦ ਵੀ ਜੇਕਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਉਹ 2 ਘੰਟੇ ਲਈ ਹੜਤਾਲ ਕਰਨਗੇ।
ਇੱਥੇ ਤੁਹਾਨੂੰ ਦੱਸ ਦਈਏ ਕਿ ਕੋਵਿਡ-19 ਮਹਾਂਮਾਰੀ ਦੇ ਦੌਰ ਵਿੱਚ ਮੁਲਾਜ਼ਮਾਂ, ਅਧਿਆਪਕਾਂ ਤੇ ਸਿਹਤ ਵਿਭਾਗ ਵੱਲੋਂ ਪ੍ਰਦਰਸ਼ਨਾਂ ਦਾ ਦੌਰ ਵੀ ਲਗਾਤਾਰ ਜਾਰੀ ਹੈ। ਇਸ ਤਹਿਤ ਸਟਾਫ਼ ਨਰਸਾਂ ਨੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਕਿ ਸਰਕਾਰ ਇਨ੍ਹਾਂ ਦੀ ਮੰਗ ਨੂੰ ਮੰਨਦੀ ਹੈ ਜਾਂ ਨਹੀਂ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।