ਫਗਵਾੜਾ: ਬ੍ਰਿਟੇਨ ਤੋਂ ਪਰਤੇ 82 ਸਾਲਾ ਵਿਅਕਤੀ ਦੀ ਬੀਤੇ ਦਿਨ ਫਗਵਾੜਾ ਵਿੱਚ ਮੌਤ ਹੋ ਗਈ। ਉਸ ਵਿਅਕਤੀ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦਾ ਸ਼ੱਕ ਸੀ ਪਰ ਅਜਿਹੀ ਅਫਵਾਹ ਫੈਲ ਗਈ ਕਿ ਉਸ ਵਿਅਕਤੀ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ ਜਿਸ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਪੰਜਾਬ ਸਰਕਾਰ ਵੱਲੋਂ ਸਥਿਤੀ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ ਅਤੇ ਲੋਕਾਂ ਨੂੰ ਇਸ ਸਬੰਧੀ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਥਿਤੀ ਉੱਤੇ ਨਜ਼ਰ ਰੱਖ ਰਹੇ ਹਨ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਇੰਗਲੈਂਡ ਤੋਂ ਆਏ 82 ਸਾਲਾ ਵਿਅਕਤੀ ਦੀ ਮੌਤ ਕੋਰੋਨਾ ਵਾਇਰਸ ਨਾਲ ਹੋਣ ਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ। ਫਿਰ ਵੀ ਇਸ ਸਬੰਧੀ ਅਹਿਤਿਆਤੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਸ ਦੇ ਸੰਪਰਕ ਵਿਚ ਆਏ ਵਿਅਕਤੀਆਂ ਨੂੰ ਅਲੱਗ ਰੱਖਿਆ ਜਾਵੇਗਾ ਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣਗੀਆਂ।
ਅਰੋੜਾ ਨੇ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਇਸ ਕੋਰੋਨਾ ਵਾਇਰਸ ਸਬੰਧੀ ਕੋਈ ਦਹਿਸ਼ਤ ਪੈਦਾ ਨਾ ਕੀਤੀ ਜਾਵੇ। ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਸਾਵਧਾਨੀਆਂ ਵਰਤਣ ਲਈ ਆਖਿਆ ਗਿਆ ਹੈ, ਉਸ ਦਾ ਲੋਕਾਂ ਨੂੰ ਪੂਰੀ ਤਰ੍ਹਾਂ ਪਾਲਣ ਕਰਨ ਦੀ ਲੋੜ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਡਾ. ਪਰਮਿੰਦਰ ਦੀ ਮੌਜੂਦਗੀ ਵਿਚ ਡਿਪਟੀ ਕਮਿਸ਼ਨਰ, ਐਸਐਸਪੀ, ਸਿਵਲ ਸਰਜਨ ਅਤੇ ਹੋਰਨਾਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਲ੍ਹੇ ਵਿੱਚ ਕੀਤੇ ਗਏ ਇੰਤਜ਼ਾਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹੇ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਰੂਪ ਵਿੱਚ ਵੱਧ ਤੋਂ ਵੱਧ ਆਈਸੋਲੇਸ਼ਨ ਵਾਰਡ ਸਥਾਪਿਤ ਕਰਕੇ ਰੱਖਣ ਲਈ ਆਖਿਆ।
ਉਨ੍ਹਾਂ ਸਿਵਲ ਸਰਜਨ ਨੂੰ ਮੈਡੀਕਲ ਟੀਮਾਂ ਨੂੰ 24 ਘੰਟੇ ਤਿਆਰ ਕਰਕੇ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੇ ਸਾਮਾਨ ਦੀ ਲੋੜ ਪੈਣ ਉੱਤੇ ਤੁਰੰਤ ਖਰੀਦਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਉੱਤੇ ਹੱਥ ਧੋਣ ਲਈ ਸਾਬਣ ਅਤੇ ਪਾਣੀ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਅਤੇ ਥਾਣਿਆਂ ਆਦਿ ਵਿਚ ਵੀ ਜ਼ਿਆਦਾ ਲੋਕਾਂ ਨੂੰ ਸੱਦਣ ਤੋਂ ਗੁਰੇਜ਼ ਕੀਤਾ ਜਾਵੇ। ਇਸ ਕੰਮ ਲਈ ਜਿੰਨੇ ਫੰਡ ਦੀ ਲੋੜ ਹੈ, ਉਹ ਤੁਰੰਤ ਮੁਹੱਈਆ ਕਰਵਾਇਆ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਵੀ ਸਪੱਸ਼ਟ ਕੀਤਾ ਕਿ ਫਗਵਾੜਾ ਵਿਚ ਮੌਤ ਦਾ ਮਾਮਲਾ ਕੋਰੋਨਾ ਪਾਜ਼ੀਟਿਵ ਨਹੀਂ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਵੱਲੋਂ ਸ਼ੂਗਰ ਬੇਹੱਦ ਵਧਣ ਕਾਰਨ ਆਪਣਾ ਘਰ ਵਿਚ ਹੀ ਇਲਾਜ ਕਰਵਾਇਆ ਜਾ ਰਿਹਾ ਸੀ ਅਤੇ ਉਸ ਦੀ ਮੌਤ ਵੀ ਘਰ ਵਿਚ ਹੀ ਹੋਈ ਹੈ। ਇਸ ਸਬੰਧੀ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਉੱਤੇ ਯਕੀਨ ਨਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਪੁਖਤਾ ਜਾਣਕਾਰੀ ਸਿਹਤ ਵਿਭਾਗ ਤੋਂ ਹੀ ਲੈਣ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਲੋਕ ਕਿਸੇ ਵੀ ਅਣਸੁਖਾਵੀਂ ਸਥਿਤੀ ਬਾਰੇ ਸੋਚ ਕੇ ਘਬਰਾਹਟ ਵਿੱਚ ਨਾ ਆਉਣ।