ਕਪੂਰਥਲਾ : ਮੰਡੀਆਂ ਵਿੱਚ ਤੇਜ਼ੀ ਨਾਲ ਕਣਕ ਦੀ ਆਮਦ ਹੋਣ ਕਾਰਨ ਜ਼ਿਲੇ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ ਢਾਈ ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਮੰਡੀਆਂ ਵਿੱਚ ਖ਼ਰੀਦ ਏਜੰਸੀਆਂ ਵੱਲੋਂ 250619 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ.ਡੀਪੀਐਸ ਖਰਬੰਦਾ ਨੇ ਦੱਸਿਆ ਕਿ ਅੱਜ ਜ਼ਿਲੇ ਵਿਚ 33435 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਗਈ, ਜਿਸ ਵਿੱਚ ਪਨਗ੍ਰੇਨ ਵੱਲੋਂ 9993 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 6950 ਮੀਟ੍ਰਿਕ ਟਨ, ਪਨਸਪ ਵੱਲੋਂ 5624 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 3270 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 4076 ਮੀਟ੍ਰਿਕ ਟਨ ਅਤੇ ਐਫ. ਸੀ. ਆਈ ਵੱਲੋਂ 3522 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਇਸ ਤਰਾਂ ਹੁਣ ਤੱਕ ਪਨਗ੍ਰੇਨ ਵੱਲੋ ਕੁਲ 57642 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 61476 ਮੀਟ੍ਰਿਕ ਟਨ, ਪਨਸਪ ਵੱਲੋਂ 50914 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 28227 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 20571 ਮੀਟ੍ਰਿਕ ਟਨ ਅਤੇ ਐਫ. ਸੀ. ਆਈ ਵੱਲੋਂ 29105 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮੁਸ਼ਕਿਲ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ, ਕਿਉਂਕਿ ਖ਼ਰੀਦ ਏਜੰਸੀਆਂ ਵੱਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਕਣਕ ਹੀ ਖ਼ਰੀਦ ਕੀਤੀ ਜਾਣੀ ਹੈ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣ।