ਚੰਡੀਗੜ੍ਹ: ਕੋਰੋਨਾਵਾਇਰਸ ਪ੍ਰਭਾਵਤ ਦੇਸ਼ਾਂ ਤੋਂ ਹਾਲ ਹੀ ਵਿੱਚ ਪਰਤੇ 10 ਵਿਅਕਤੀ ਲੁਧਿਆਣਾ ਤੋਂ ਲਾਪਤਾ ਦੱਸੇ ਜਾ ਰਹੇ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਸ਼ੁੱਕਰਵਾਰ ਨੂੰ ਦਿੱਤੀ। ਪੁਲਿਸ ਵੱਲੋਂ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਸਥਾਨਕ ਸਿਹਤ ਅਧਿਕਾਰੀਆਂ ਨੇ ਪੁਲਿਸ ਨੂੰ ਵਾਇਰਸ ਫੈਲਣ ਦੇ ਜੋਖ਼ਮ ਨੂੰ ਰੋਕਣ ਲਈ ਇੱਕ ਸਾਵਧਾਨੀ ਦੇ ਤੌਰ ਉੱਤੇ ਉਨ੍ਹਾਂ ਦਾ ਪਤਾ ਲਗਾਉਣ ਲਈ ਕਿਹਾ ਹੈ, ਤਾਂ ਜੋ ਉਨ੍ਹਾਂ ਨੂੰ ਵੱਖਰੇ ਤੌਰ ਉੱਤੇ ਉਨ੍ਹਾਂ ਦੇ ਘਰ ਰੱਖਿਆ ਜਾਵੇ। ਜਾਣਕਾਰੀ ਮੁਤਾਬਕ ਵੱਖ-ਵੱਖ ਦੇਸ਼ਾਂ ਤੋਂ ਕੁੱਲ 480 ਲੋਕ ਲੁਧਿਆਣਾ ਜ਼ਿਲ੍ਹੇ ਵਿੱਚ ਪਰਤ ਆਏ ਹਨ, ਪਰ ਉਨ੍ਹਾਂ ਵਿੱਚੋਂ 10 ਦੇ ਬਾਰੇ ਵਿੱਚ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕੋਰੋਨਾਵਾਇਰਸ ਨਾਲ ਪੀੜਤ ਪਾਇਆ ਜਾਂਦਾ ਹੈ, ਤਾਂ ਇਸ ਨੂੰ ਪੂਰੀ ਤਰ੍ਹਾਂ ਠੀਕ ਹੋਣ ਤੱਕ ਇਸ ਨੂੰ ਘਰਾਂ ਵਿੱਚ ਵੱਖਰਾ ਰੱਖਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਤਿੰਨ ਸ਼ੱਕੀ ਮਰੀਜ਼ਾਂ ਦੇ ਨਮੂਨੇ ਲਏ ਗਏ ਸਨ, ਜਿਨ੍ਹਾਂ ਦੀ ਜਾਂਚ ਵਿੱਚ ਨਕਾਰਾਤਮਕ ਪਾਇਆ ਗਿਆ।
ਦੱਸਣਯੋਗ ਹੈ ਕਿ ਕੋਰੋਨਾਵਾਇਰਸ ਨੇ ਪੁਰੀ ਦੁਨੀਆ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਇਸ ਮਹਾਂਮਾਰੀ ਨਾਲ ਦੁਨੀਆ ਭਰ ਵਿੱਚ 1 ਲੱਖ 35 ਹਜ਼ਾਰ ਤੋਂ ਵੱਧ ਲੋਕ ਪੀੜਤ ਹਨ ਅਤੇ ਨਿਊਜ਼ ਏਜੰਸੀ ਏਐੱਫਪੀ ਮੁਤਾਬਕ ਹੁਣ ਤੱਕ ਇਸ ਨਾਲ 5 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਵਿੱਚ ਵੀ ਇਹ ਮਹਾਂਮਾਰੀ ਆਪਣੇ ਪੈਰ ਪਸਾਰ ਰਹੀ ਹੈ ਤੇ ਹੁਣ ਤੱਕ 81 ਲੋਕਾਂ ਦੀ ਪੁਸ਼ਟੀ ਹੋ ਚੁੱਕੀ ਹੈ।