ਲੁਧਿਆਣਾ: ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਅੱਜ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿੱਚ ਹੁਣ ਤੱਕ 4421 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 3867 ਲੋਕਾਂ ਦੇ ਸੈਂਪਲ ਨੈਗੇਟਿਵ ਆਏ ਹਨ।
ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿੱਚ ਕੋਰੋਨਾ ਦੇ 141 ਮਾਮਲੇ ਪੌਜ਼ੀਟਿਵ ਪਾਏ ਗਏ ਹਨ ਜਿਨ੍ਹਾਂ ਵਿਚੋਂ 13 ਮਰੀਜ਼ ਠੀਕ ਹੋ ਚੁੱਕੇ ਹਨ ਜਦ ਕਿ 6 ਦੀ ਹੁਣ ਤਕ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਕਿਹਾ ਕਿ ਲੁਧਿਆਣਾ ਤੋਂ ਪ੍ਰਵਾਸੀਆਂ ਨੂੰ ਲੈ ਕੇ ਜਾਣ ਲਈ ਟਰੇਨਾਂ ਦੀ ਗਿਣਤੀ ਵਧਾਉਣ ਜਾ ਰਹੇ ਹਨ। ਉਨ੍ਹਾਂ ਸਾਫ਼ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਪਰਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਸਕੇ।
ਉਨ੍ਹਾਂ ਇਹ ਵੀ ਸਾਫ ਕੀਤਾ ਕਿ ਸਰਕਾਰ ਵੱਲੋਂ ਕਿਸੇ ਵੀ ਵਿਅਕਤੀ ਨੂੰ ਆਪਣੇ ਵ੍ਹੀਕਲ ਜਾਂ ਫਿਰ ਸੜਕ ਮਾਰਗ ਰਾਹੀਂ ਦੂਜੇ ਸੂਬੇ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ, ਜੇ ਕੋਈ ਅਜਿਹਾ ਕਰਦਾ ਹੈ ਤਾਂ ਉਹ ਉੱਥੇ ਜਾ ਕੇ ਫਸ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਨਾਲ ਹੀ ਪ੍ਰਵਾਸੀ ਬਾਹਰ ਜਾਣ।