ਲੁਧਿਆਣਾ: ਖੇਤੀ ਕਾਨੂੰਨਾਂ ਵਿੁਰੱਧ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ 'ਚ ਮਤਾ ਪਾਸ ਕਰ ਰੱਦ ਕਰਨ ਨੂੰ ਲੈ ਕੇ ਕਾਂਗਰਸੀ ਵਿਧਾਇਕ ਲਖਵੀਰ ਸਿੰਘ ਲੱਖਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਨੇ ਪਿੰਡ ਜਰਗ ਵਿਖੇ ਪ੍ਰੋਗਰਾਮ ਉਲੀਕ ਮੁੱਖ ਮੰਤਰੀ ਕੈਪਟਨ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਹੈ। ਦੋਰਾਹਾ ਬਲਾਕ ਦੇ ਵਿਕਾਸ ਕਾਰਜਾਂ ਲਈ ਉਨ੍ਹਾਂ ਨੇ 2 ਕਰੋੜ 75 ਲੱਖ ਰੁਪਏ ਦੀ ਗ੍ਰਾਂਟ ਵੀ ਜਾਰੀ ਕੀਤੀ ਹੈ।
ਇਸ ਦੌਰਾਨ ਮੰਤਰੀਆਂ ਅਤੇ ਵਿਧਾਇਕਾਂ ਨੇ ਵਿਰੋਧੀ ਪਾਰਟੀਆਂ 'ਤੇ ਜੰਮ ਕੇ ਨਿਸ਼ਾਨੇ ਵੀ ਲਾਏ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਲਖਵੀਰ ਸਿਘ ਲੱਖਾ ਨੇ ਕਿਹਾ ਕਿ ਭਾਜਪਾ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਦੀ ਬਰਬਾਦੀ ਕਰਨ ਲੱਗੀ ਹੋਈ ਹੈ।ਅਤੇ ਕਿਸਾਨਾਂ ਦੀ ਹਾਲਤ ਪਤਾ ਨਾ ਹੋਣ ਦਾ ਡਰਾਮਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨ ਹਿਤੈਸ਼ੀ ਹੈ ਅਤੇ ਰਾਹੁਲ ਗਾਂਧੀ ਵੀ ਪੰਜਾਬ ਦੇ ਲੋਕਾਂ 'ਚ ਜਾ ਲੋਕਾਂ ਨੂੰ ਸਮਝਾ ਰਹੇ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਦਾ ਭਰੋਸਾ ਵੀ ਦਵਾਇਆ ਹੈ।
ਇਸ ਦੇ ਨਾਲ ਹੀ ਲਖਵੀਰ ਲੱਖਾ ਨੇ ਦੱਸਿਆ ਕਿ ਕਿਸਾਨਾਂ ਦੇ ਪੱਖ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਦਾ ਵਫਦ 4 ਨਵੰਬਰ ਨੂੰ ਰਾਸ਼ਟਰਪਤੀ ਨੂੰ ਮਿਲਣਗੇ ਅਤੇ ਕਿਸਾਨਾਂ ਦੇ ਹੱਕ 'ਚ ਫ਼ੈਸਲਾ ਕਰਨ ਦੀ ਅਪੀਲ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀ ਦਲ ਅਤੇ ਆਪ 'ਤੇ ਵੀ ਨਿਸ਼ਾਨਾ ਲਾਇਆ ਅਤੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਯੂ-ਟਰਨ ਮਾਰਨ ਨੂੰ ਤਿਆਰ ਰਹਿੰਦੀਆਂ ਹਨ।
ਪੰਜਾਬ 'ਚ ਮਾਲ ਗੱਡੀਆਂ ਦੇ ਨਾ ਚੱਲਣ ਨੂੰ ਲੈ ਕੇ ਲਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਰੇਲ ਮੰਤਰੀ ਨੂੰ ਮਿਲ ਇਸ ਬਾਰੇ ਗੱਲ ਕਰਨਗੇ।
ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਨੇ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਕੈਪਟਨ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸੂਬੇ ਚ ਵਿਕਾਸ ਕਾਰਜ ਕੀਤੇ ਜਾ ਰਹੇ ਨਹ ਅਤੇ ਆਉਣ ਵਾਲੇ ਸਮੇਂ 'ਚ 124 ਕਰੋੜ ਦੀ ਗ੍ਰਾਂਟ ਲਿਆ ਪਿੰਡਾਂ ਅੰਦਰ ਵਿਕਾਸ ਕਾਰਜ ਕੀਤੇ ਜਾਣਗੇ।