ਲੁਧਿਆਣਾ: ਪੰਜਾਬ ’ਚ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਵੱਲੋਂ ਚੋਣ ਮੁਹਿੰਮ ਭਖਾ ਦਿੱਤੀ ਗਈ ਹੈ। ਲੁਧਿਆਣਾ ਦੇ ਆਤਮ ਨਗਰ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਇੱਕ ਜਨਸਭਾ ਰੱਖੀ ਗਈ ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਆਮ ਲੋਕ ਵੀ ਸ਼ਾਮਿਲ ਹੋਏ। ਇਸ ਸਮਾਗਮ ਦੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਨਮੋਲ ਗਗਨ ਮਾਨ ਵੱਲੋਂ ਸ਼ਮੂਲੀਅਤ ਕੀਤੀ ਗਈ। ਆਪ ਦੇ ਇਸ ਸਮਾਗਮ ਕਾਰਨ ਆਲੇ ਦੁਆਲੇ ਦੁਕਾਨਦਾਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਜਿਕਰਯੋਗ ਹੈ ਕਿ ਜਿਸ ਇਲਾਕੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਟੈਂਟ ਲਗਾ ਕੇ ਇਕੱਠ ਕੀਤਾ ਗਿਆ ਉਸ ਥਾਂ ’ਤੇ ਨਿੱਕੀਆਂ-ਨਿੱਕੀਆਂ ਗਲੀਆਂ ਹੋਣ ਕਰਕੇ ਲੋਕਾਂ ਨੂੰ ਆਉਣ ਜਾਣ ’ਚ ਸਮੱਸਿਆ ਹੋਈ। ਇੰਨਾ ਹੀ ਨਹੀਂ ਮਾਰਕੀਟ ਵਿੱਚ ਟੈਂਟ ਲਾਉਣ ਕਰਕੇ ਦੁਕਾਨਾਂ ਦਾ ਕੰਮਕਾਰ ਵੀ ਪੂਰੀ ਤਰ੍ਹਾਂ ਠੱਪ ਹੋ ਗਿਆ ਜਿਸ ਨੂੰ ਲੈ ਕੇ ਸਥਾਨਕ ਦੁਕਾਨਦਾਰਾਂ ਨੇ ਡਰਦਿਆਂ ਹੋਇਆਂ ਆਪਣੀ ਗੱਲ ਈਟੀਵੀ ਭਾਰਤ ਦੀ ਟੀਮ ਨਾਲ ਸਾਂਝੀ ਕੀਤੀ ਗਈ। ਛੋਟੇ ਦੁਕਾਨਦਾਰਾਂ ਨੇ ਕਿਹਾ ਕਿ ਉਹ ਕੰਮ ਕਾਰ ਕਰਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦੇ ਨੇ ਪਰ ਜੋ ਵੱਡਾ ਇਕੱਠ ਕਰਕੇ ਇੱਥੇ ਸਾਰੇ ਆਣ ਜਾਣ ਵਾਲੇ ਰਸਤੇ ਬੰਦ ਕਰ ਦਿੱਤੇ ਗਏ ਉਸ ਕਰਕੇ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਰੇਸ਼ਾਨ ਦੁਕਾਨਦਾਰਾਂ ਨੇ ਕਿਹਾ ਕਿ ਉਹ ਰੋਜ਼ਾਨਾ ਥੋੜ੍ਹੇ ਬਹੁਤ ਪੈਸੇ ਕਮਾਉਂਦੇ ਹਨ ਜਿਸਦੇ ਨਾਲ ਹੀ ਉਹ ਘਰ ਦਾ ਖਰਚਾ ਚਲਾਉਂਦੇ ਹਨ। ਉਨ੍ਹਾਂ ਕਿਹਾ ਕਿ ਆਪ ਦੇ ਇਸ ਸਮਾਗਮ ਕਾਰਨ ਉਹ ਕੁਝ ਵੀ ਨਹੀਂ ਕਮਾ ਸਕੇ ਕਿਉਂਕਿ ਉਨ੍ਹਾਂ ਨੂੰ ਆਪਣੀਆਂ ਦੁਕਾਨਾਂ ਵੀ ਬੰਦ ਰੱਖਣੀਆਂ ਪਈਆਂ। ਇਸਦੇ ਨਾਲ ਹੀ ਦੁਕਾਨਦਾਰਾਂ ਨੇ ਕਿਹਾ ਕਿ ਅਜਿਹੇ ਸਮਾਮਗ ਖੁੱਲ੍ਹੇ ਥਾਵਾਂ ਉੱਪਰ ਰੱਖਣੇ ਚਾਹੀਦੇ ਹਨ ਤਾਂ ਜੋ ਆਮ ਲੋਕਾਂ ਨੂੰ ਕਿਸੇ ਪ੍ਰਕਾਰ ਦੀਆਂ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ: ਖੇਤੀ ਕਾਨੂੰਨ ਵਾਪਿਸ ਹੋਣ ਤੋਂ ਬਾਅਦ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ