ਲੁਧਿਆਣਾ: ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਜਾ ਰਹੇ ਹਨ। ਈਟੀਵੀ ਭਾਰਤ ਨੇ ਪੰਜਾਬ ਸਰਕਾਰ ਵੱਲੋਂ ਮੈਨੀਫੈਸਟੋ 'ਚ ਕੀਤੇ ਗਏ ਵੱਡੇ-ਵੱਡੇ ਵਾਅਦਿਆਂ ਦੀ ਗਰਾਉਂਡ ਜ਼ੀਰੋ ਤੋਂ ਕਰਵੇਜ ਕੀਤੀ ਹੈ। ਲੁਧਿਆਣਾ ਦੇ ਲੋਕਾਂ ਦਾ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਜ਼ਾਰੀ ਬਾਰੇ ਕੀ ਕਹਿਣਾ ਹੈ, ਦੇਖੋ ਇਹ ਰਿਪੋਰਟ.....
ਜਦ ਆਮ ਲੋਕਾਂ ਨਾਲ ਇਸ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਮੈਨੀਫੈਸਟੋ ਵਿੱਚ ਜੋ ਵਾਅਦੇ ਕੀਤੇ ਸਨ ਉਨ੍ਹਾਂ 'ਚ ਬਹੁਤੇ ਵਾਅਦੇ ਸਰਕਾਰ ਨੇ ਪੂਰੇ ਨਹੀਂ ਕੀਤੇ। ਲੋਕਾਂ ਨੇ ਕਈ ਮੁੱਦਿਆ ਬਾਰੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਜਿਸ ਵਿੱਚ ਖ਼ਾਸ ਕਰਕੇ ਉਨ੍ਹਾਂ ਨੇ ਕਿਹਾ ਘਰ-ਘਰ ਰੁਜ਼ਗਾਰ ਦਾ ਵਾਅਦਾ ਪੂਰਾ ਨਹੀਂ ਹੋਇਆ। ਇਸ ਤੋਂ ਇਲਾਵਾ ਨਸ਼ਾ ਵੀ ਲਗਾਤਾਰ ਪੰਜਾਬ 'ਚ ਵੱਧ ਰਿਹਾ ਹੈ।
ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਨੇ ਕਿਹਾ ਹੈ ਕਿ ਸਰਕਾਰ ਵਾਅਦੇ ਪੂਰੇ ਕਰਨ 'ਚ ਨਾਕਾਮ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਝੂਠ ਦੇ ਪੁਲੰਦਿਆਂ 'ਤੇ ਸਰਕਾਰ ਬਣਾਈ ਗਈ ਹੈ ਪਰ ਅੱਜ ਤੱਕ ਉਹ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ। ਉਧਰ ਨਾਲ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਜਗਰਾਓਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਹੈ ਕਿ ਸਰਕਾਰ ਨੇ ਲੋਕਾਂ ਨੂੰ ਪੈਨਸ਼ਨ ਦਾ ਵਾਅਦਾ ਕੀਤਾ ਸੀ, ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਅਤੇ ਹੋਰ ਵੀ ਕਈ ਵਾਅਦੇ ਸੱਤਾ ਵਿੱਚ ਆਉਣ ਲਈ ਕੀਤੇ ਸਨ ਪਰ ਇਨ੍ਹਾਂ ਵਾਅਦਿਆਂ 'ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਤੁਸੀਂ ਲੋਕਾਂ ਨੂੰ ਖ਼ੁਦ ਹੀ ਪੁੱਛ ਲਓ ਕਿ ਕਿੰਨੇ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਹੈ।
ਇਹ ਵੀ ਪੜ੍ਹੋ: ਕਰਨਾਟਕ ਦੇ ਨਿਤਿਨ ਦਾ ਪਲਾਸਟਿਕ ਮੁਕਤ ਸ਼ਹਿਰ ਬਣਾਉਣ ਲਈ ਖ਼ਾਸ ਉਪਰਾਲਾ
ਦੂਜੇ ਪਾਸੇ ਇਨ੍ਹਾਂ ਸਾਰੇ ਸਵਾਲਾਂ ਦਾ ਜਵਾਬ ਦਿੰਦਿਆਂ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਹੈ ਕਿ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ ਕਈ ਪੂਰੇ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ ਜਦੋਂ ਕਿ ਬੀਤੀਆਂ ਸਰਕਾਰਾਂ ਵਿੱਚ ਕਿਸੇ ਕਿਸਾਨ ਦਾ ਕਰਜ਼ਾ ਮੁਆਫ਼ ਨਹੀਂ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜਿਹਾ ਕੁਝ ਨਹੀਂ ਕਿਹਾ ਸੀ ਕਿ ਉਹ ਇੱਕ ਸਾਲ ਦੇ ਵਿੱਚ ਵਾਅਦੇ ਪੂਰੇ ਕਰ ਦੇਣਗੇ, ਅਜੇ ਵਾਅਦੇ ਪੂਰੇ ਕਰਨ ਲਈ ਦੋ ਸਾਲ ਦਾ ਕਾਰਜਕਾਲ ਬਾਕੀ ਹੈ।
ਇੱਕ ਪਾਸੇ ਜਿੱਥੇ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਉਨ੍ਹਾਂ ਦੀ ਵਾਅਦਾ ਖਿਲਾਫ਼ੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਵਿਰੋਧੀਆਂ ਨੂੰ ਪਲਟਵਾਰ ਕਰਦਿਆਂ ਕਿਹਾ ਕਿ ਕਾਂਗਰਸ ਤੋਂ ਸਵਾਲ ਪੁੱਛਣ ਵਾਲੇ ਪਹਿਲਾਂ ਮੋਦੀ ਤੋਂ ਸਵਾਲ ਪੁੱਛਣ ਕਿ ਉਨ੍ਹਾਂ ਵੱਲੋਂ ਬੀਤੇ ਪੰਜ ਸਾਲਾਂ 'ਚ 15 ਲੱਖ ਕਿਓਂ ਨਹੀਂ ਦਿੱਤਾ ਗਿਆ।