ਸਮਰਾਲਾ: ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਜਾ ਰਹੇ ਹਨ। ਈਟੀਵੀ ਭਾਰਤ ਨੇ ਪੰਜਾਬ ਸਰਕਾਰ ਵੱਲੋਂ ਮੈਨੀਫੈਸਟੋ 'ਚ ਕੀਤੇ ਗਏ ਵੱਡੇ-ਵੱਡੇ ਵਾਅਦਿਆਂ ਦੀ ਗਰਾਉਂਡ ਜ਼ੀਰੋ ਤੋਂ ਕਰਵੇਜ ਕੀਤੀ ਹੈ। ਸਮਰਾਲਾ ਦੇ ਲੋਕਾਂ ਦਾ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਜ਼ਾਰੀ ਬਾਰੇ ਕੀ ਕਹਿਣਾ ਹੈ, ਦੇਖੋ ਸਾਡੀ ਇਹ ਖ਼ਾਸ ਰਿਪੋਰਟ.....
ਜਦ ਆਮ ਲੋਕਾਂ ਨਾਲ ਇਸ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਮੈਨੀਫੈਸਟੋ ਵਿੱਚ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਸਰਕਾਰ ਨੇ ਨਹੀਂ ਪੂਰਾ ਕੀਤਾ। ਲੋਕਾਂ ਨੇ ਕਈ ਮੁੱਦਿਆ ਬਾਰੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਜਿਸ ਵਿੱਚ ਖ਼ਾਸ ਕਰਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਖ਼ਤਮ ਕਰਨ ਦੀ ਗੱਲ ਕਹੀ ਸੀ ਪਰ ਨਸ਼ਾ ਖ਼ਤਮ ਤਾਂ ਕੀ ਹੋਣਾ ਸੀ ਸਗੋਂ ਹੋਰ ਵੱਧ ਗਿਆ ਹੈ।
ਇਸ ਦੇ ਨਾਲ ਹੀ ਘਰ-ਘਰ ਰੁਜ਼ਗਾਰ ਦੇ ਵਾਅਦੇ ਬਾਰੇ ਵੀ ਲੋਕਾਂ ਨੇ ਆਪਣਾ ਰੋਸ ਜ਼ਾਹਿਰ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਨੌਜਵਾਨ ਅਜੇ ਵੀ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ।
ਇਹ ਵੀ ਪੜ੍ਹੋ: ਕੈਪਟਨ ਸਰਕਾਰ ਦੇ ਤਿੰਨ ਸਾਲ, ਫੇਲ੍ਹ ਹੋਏ ਜਾਂ ਪਾਸ - ਭਾਗ 9
ਜਦੋਂ ਇਸ ਸਬੰਧੀ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ ਕਾਫ਼ੀ ਹੱਦ ਤੱਕ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਘਰ-ਘਰ ਨੌਕਰੀ ਦੀ ਗੱਲ ਕਰੀਏ ਤਾਂ ਸਾਡੇ ਹਲਕੇ ਵਿੱਚ 3 ਰੁਜ਼ਗਾਰ ਮੇਲੇ ਲਗਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ। ਕਿਸਾਨਾਂ ਦੇ ਕਰਜ਼ੇ ਮੁਆਫ਼ੀ ਦੀ ਗੱਲ ਕਰੀਏ ਤਾਂ ਕਾਫੀ ਹੱਦ ਤੱਕ ਮੁਆਫ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਆਟਾ ਦਾਲ ਵਾਲੇ ਕਾਰਡ ਵੀ ਕਾਫੀ ਲੋਕਾਂ ਦੇ ਬਣਾਏ ਗਏ ਹਨ ਅਤੇ ਪੈਨਸ਼ਨ ਵਿੱਚ ਵੀ ਵਾਧਾ ਕੀਤਾ ਗਿਆ ਹੈ।
ਇੱਕ ਪਾਸੇ ਜਿੱਥੇ ਸਰਕਾਰ ਦੇ ਨੁਮਾਇੰਦੇ ਕਹਿ ਰਹੇ ਹਨ ਕਿ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦੇ ਕਾਫ਼ੀ ਹੱਦ ਤੱਕ ਪੂਰੇ ਕਰ ਦਿੱਤੇ ਹਨ ਦੂਜੇ ਪਾਸੇ ਆਮ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਲੋਕਾਂ ਨੇ ਸਰਕਾਰ ਦੇ ਮੈਨੀਫੈਸਟੋ ਨੂੰ ਸਿਰਫ਼ ਧੋਖੇ ਦਾ ਦਸਤਾਵੇਜ ਕਰਾਰ ਕੀਤਾ।