ਲੁਧਿਆਣਾ: ਪੰਜਾਬ ਦੇ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਗੱਲ ਕਰੀਏ ਲੁਧਿਆਣਾ ਦੀ ਤਾਂ ਜ਼ਿਲ੍ਹੇ ਵਿੱਚ ਹੁਣ ਤੱਕ 143 ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿੱਚੋਂ 13 ਮਰੀਜ਼ ਠੀਕ ਹੋ ਚੁੱਕੇ ਹਨ ਜਦ ਕਿ 6 ਦੀ ਮੌਤ ਹੋ ਚੁੱਕੀ ਹੈ।
ਇਸ ਤੋਂ ਇਲਾਵਾ ਜੇਕਰ ਬਾਹਰਲੇ ਜ਼ਿਲ੍ਹਿਆਂ ਦੀ ਗੱਲ ਕੀਤੀ ਜਾਵੇ ਤਾਂ 143 ਕੇਸਾਂ ਤੋਂ ਇਲਾਵਾ ਬਾਹਰਲੇ ਜ਼ਿਲ੍ਹਿਆਂ ਨਾਲ ਸਬੰਧਤ 42 ਕਰੋਨਾ ਦੇ ਮਰੀਜ਼ ਹਨ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਅੱਜ ਯੂਪੀ, ਬਿਹਾਰ ਲਈ ਟ੍ਰੇਨਾਂ ਰਵਾਨਾ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਕਰਫਿਊ ਵਿੱਚ ਢਿੱਲ ਦਿੱਤੀ ਜਾ ਰਹੀ ਹੈ ਜਿਸ ਤਹਿਤ ਕਈ ਖੇਤਰਾਂ ਦੇ ਵਿੱਚ ਛੋਟ ਦੇ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਲਗਾਤਾਰ ਵੱਖ-ਵੱਖ ਸੂਬਿਆਂ ਲਈ ਟ੍ਰੇਨਾਂ ਚਲਾਈਆਂ ਜਾ ਰਹੀਆਂ ਹਨ ਅਤੇ ਅੱਜ 7 ਟ੍ਰੇਨਾਂ ਰਵਾਨਾ ਕੀਤੀਆਂ ਗਈਆਂ ਹਨ ਅਤੇ ਆਉਂਦੇ ਦਿਨਾਂ ਵਿੱਚ ਇਨ੍ਹਾਂ ਦੀ ਤਾਦਾਦ ਹੋਰ ਵਧਾਈ ਜਾਵੇਗੀ।
ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਕਿਹਾ ਕਿ ਅੱਜ ਇੰਡਸਟਰੀ ਨੂੰ ਵੀ ਕੁਝ ਰਾਹਤਾਂ ਦਿੱਤੀਆਂ ਗਈਆਂ ਹਨ ਪਰ ਵਿੱਚ ਬਿਮਾਰੀ ਤੋਂ ਬਚ ਕੇ ਹੀ ਸਾਨੂੰ ਆਪਣੇ ਕੰਮਕਾਰ ਕਰਨੇ ਪੈਣਗੇ।