ਲੁਧਿਆਣਾ: ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਮੰਗਲਵਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦੇ ਹੋਏ ਉਨ੍ਹਾਂ ਨੂੰ ਪੁੱਛਿਆ ਹੈ ਕਿ ਉਹ ਅੱਜ ਜਦੋਂ ਪੰਜਾਬ ਦਾ ਹਰ ਵਰਗ ਦੁਖੀ ਹੈ ਤਾਂ ਮੁੱਖ ਮੰਤਰੀ ਕੇਂਦਰ ਵਿੱਚ ਪੰਜਾਬ ਦੀ ਅਗਵਾਈ ਕਿਉਂ ਨਹੀਂ ਕਰ ਰਹੇ ਹਨ।
ਕਿਸਾਨ ਅੰਦੋਲਨ ਨੂੰ ਲੈ ਕੇ ਸੂਬੇ ਵਿੱਚ ਗਰਮਾਈ ਸਿਆਸਤ ਵਿਚਾਲੇ ਇਥੇ ਪ੍ਰੈਸ ਕਾਨਫ਼ਰੰਸ ਦੌਰਾਨ ਆਪ ਵਿਧਾਇਕਾ ਮਾਣੂਕੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕੇਂਦਰ ਸਰਕਾਰ 'ਤੇ ਵੀ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ਦੇ ਨਾਲ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁਕਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਹਰ ਫ਼ਰੰਟ 'ਤੇ ਫੇਲ੍ਹ ਹੋਏ ਹਨ। ਭਾਵੇਂ ਸੂਬੇ ਦਾ ਵਪਾਰੀ ਵਰਗ ਹੋਵੇ, ਭਾਵੇਂ ਅਧਿਆਪਕ ਵਰਗ ਹੋਵੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਪ੍ਰੇਸ਼ਾਨ ਹਨ। ਉਪਰੋਂ ਮੁੱਖ ਮੰਤਰੀ ਇਨ੍ਹਾਂ ਉਪਰ ਸਿਆਸਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਾਣ-ਬੁੱਝ ਕੇ ਪੰਜਾਬ ਦੇ ਕਿਸਾਨਾਂ ਦੀ ਅਗਵਾਈ ਨਹੀਂ ਕਰ ਰਹੇ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਮਾਂ ਲੈ ਕੇ ਕਿਸਾਨਾਂ ਦੇ ਹੱਕ ਦੀ ਗੱਲ ਕਰਨ। ਅੱਜ ਕਿਸਾਨ ਦਿੱਲੀ ਵਿਚ ਮਰ ਰਿਹਾ ਹੈ ਅਤੇ ਮੁੱਖ ਮੰਤਰੀ ਚੁੱਪਚਾਪ ਬੈਠੇ ਹੋਏ ਹਨ।
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਹਰ ਫ਼ਰੰਟ 'ਤੇ ਫ਼ੇਲ ਕਹਿੰਦਿਆਂ ਕਿਹਾ ਕਿ ਸੂਬੇ ਵਿੱਚ ਵਪਾਰੀਆਂ ਦਾ ਲੱਖਾਂ ਰੁਪਏ ਦਾ ਟੈਕਸ ਬਕਾਇਆ ਹੈ। ਇਸਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਨਾਜਾਇਜ਼ ਮਾਈਨਿੰਗ ਅਤੇ ਨਸ਼ੇ ਦਾ ਵੀ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਜਦਕਿ ਮੁੱਖ ਮੰਤਰੀ ਨੇ ਚੋਣਾਂ ਤੋਂ ਪਹਿਲਾਂ ਇਨ੍ਹਾਂ ਨੂੰ ਬੰਦ ਕਰਨ ਦੇ ਦਾਅਵੇ ਕੀਤੇ ਸਨ।
'ਆਮ ਆਦਮੀ ਪਾਰਟੀ ਕਿਸਾਨਾਂ ਨਾਲ'
ਆਪ ਵਿਧਾਇਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਹਨ ਅਤੇ ਹਮੇਸ਼ਾ ਮੋਢੇ ਨਾਲ ਮੋਢਾ ਲਾ ਕੇ ਖੜੀ ਰਹੇਗੀ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਜਿਥੇ ਵੀ ਉਨ੍ਹਾਂ ਦੀ ਡਿਊਟੀ ਲਗਾਉਣਗੇ ਉਹ ਉਥੇ ਹੀ ਜਾਣ ਲਈ ਤਿਆਰ ਹਨ।