ਲੁਧਿਆਣਾ: ਕੇਂਦਰ ਸਰਕਾਰ ਕਿਸਾਨਾਂ ਲਈ ਇੱਕ ਆਰਡੀਨੈਂਸ ਲੈ ਕੇ ਆਈ ਹੈ ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਵੀ ਇਸ ਆਰਡੀਨੈਂਸ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਨੂੰ ਲੈ ਕੇ ਅੱਜ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਡੀਸੀ ਦਫਤਰ ਅੱਗੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਨੂੰ ਇਹ ਬਿੱਲ ਵਾਪਸ ਲੈਣ ਲਈ ਡੀਸੀ ਦੇ ਨਾਂ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ।
ਇਸ ਦੌਰਾਨ ਆਮ ਆਦਮੀ ਪਾਰਟੀ ਲੁਧਿਆਣਾ ਦੀ ਲੀਡਰਸ਼ਿਪ ਮੌਜੂਦ ਰਹੀ ਜਿਨ੍ਹਾਂ ਨੇ ਇਸ ਬਿੱਲ ਦੀ ਖ਼ਿਲਾਫ਼ਤ ਕਰਦਿਆਂ ਕਿਹਾ ਕਿ ਇਹ ਕਿਸਾਨ ਵਿਰੋਧੀ ਬਿੱਲ ਹੈ ਇਸ ਨਾਲ ਕਿਸਾਨਾਂ ਦਾ ਨੁਕਸਾਨ ਹੋਵੇਗਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਕੰਮਕਾਰ ਠੱਪ ਹੈ, ਕਿਸਾਨੀ ਘਾਟੇ ਵਾਲਾ ਧੰਦਾ ਬਣਿਆ ਹੋਇਆ ਹੈ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਕਿਸਾਨੀ ਨੂੰ ਖ਼ਤਮ ਕਰਨ ਲਈ ਇਹ ਆਰਡੀਨੈਂਸ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਦਾ ਪੁਰਜ਼ੋਰ ਵਿਰੋਧ ਕਰਦੀ ਹੈ ਅਤੇ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਪਾਰਲੀਮੈਂਟ ਸੈਸ਼ਨ ਦੇ ਦੌਰਾਨ ਇਸ ਬਿੱਲ ਦਾ ਵਿਰੋਧ ਵੀ ਕਰਨਗੇ।
ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਜੋ ਆਰਡੀਨੈਂਸ ਜਾਰੀ ਕੀਤਾ ਗਿਆ ਹੈ ਉਸ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਹੋਰਨਾਂ ਸੂਬਿਆਂ ਵਿੱਚ ਵੇਚਣ ਦੀ ਇਜਾਜ਼ਤ ਹੋਵੇਗੀ, ਕਿਸਾਨ ਆਪਣੇ ਘਰ ਤੋਂ ਹੀ ਉਤਪਾਦਾਂ ਨੂੰ ਵੇਚ ਸਕਣਗੇ ਤੇ ਕੋਈ ਟੈਕਸ ਵੀ ਨਹੀਂ ਲੱਗੇਗਾ, ਕਿਸਾਨਾਂ ਨੂੰ ਆਪਣੀ ਫਸਲ ਦਾ ਬਣਦਾ ਮੁੱਲ ਮਿਲੇਗਾ। ਕਿਸਾਨਾਂ ਲਈ ਇੱਕ ਦੇਸ਼ ਇੱਕ ਬਾਜ਼ਾਰ ਹੋਵੇਗਾ।