ਲੁਧਿਆਣਾ: ਆਜ਼ਾਦ ਸਮਾਜ ਪਾਰਟੀ ਦੇ ਕੌਮੀ ਪ੍ਰਧਾਨ ਚੰਦਰ ਸ਼ੇਖਰ ਆਜ਼ਾਦ ਪਾਰਟੀ ਦਫ਼ਤਰ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ 'ਤੇ ਲੁਧਿਆਣਾ ਪਹੁੰਚੇ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਾਥਰਸ ਮਾਮਲੇ ਦੇ ਵਿੱਚ ਭਾਜਪਾ ਦੀ ਸਰਕਾਰ ਸਿਆਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੁਪਹਿਰ 11 ਤੋਂ ਲੈ ਕੇ 4 ਵਜੇ ਤੱਕ ਉਹ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਹੱਕ, ਹਾਥਰਸ ਮਾਮਲੇ 'ਚ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਅਤੇ ਪੋਸਟ ਸਕਾਲਰਸ਼ਿੱਪ ਘੋਟਾਲੇ ਮਾਮਲੇ ਦੇ ਵਿੱਚ ਰੋਸ ਵਜੋਂ ਅੱਜ ਪਾਰਟੀ ਚੱਕਾ ਜਾਮ ਕਰੇਗੀ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੰਦਰ ਸ਼ੇਖਰ ਆਜ਼ਾਦ ਨੇ ਕਿਹਾ ਕਿ ਦਲਿਤਾਂ ਨੂੰ ਅੱਜ ਸਮਾਜ ਦੇ ਵਿੱਚ ਕੁਚਲਿਆ ਜਾ ਰਿਹਾ ਹੈ ਅਤੇ ਉਸ ਦਾ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਥਰਸ ਮਾਮਲੇ ਦੇ ਵਿੱਚ ਭਾਜਪਾ ਨਹੀਂ ਚਾਹੁੰਦੀ ਕਿ ਮੁਲਜ਼ਮਾਂ ਨੂੰ ਸਜ਼ਾ ਮਿਲੇ ਇਸ ਕਰਕੇ ਉਨ੍ਹਾਂ 'ਤੇ ਵੀ ਹਾਥਰਸ ਜਾਣ ਦੌਰਾਨ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਅਤੇ ਨਾਲ ਹੀ ਵਿਰੋਧੀਆਂ ਵੱਲੋਂ ਉਨ੍ਹਾਂ 'ਤੇ ਨਿਸ਼ਾਨੇ ਸਾਧੇ ਗਏ। ਜਦ ਕਿ ਉਹ ਸਿਰਫ ਪੀੜਤਾ ਨੂੰ ਇਨਸਾਫ ਦਵਾਉਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਕਿਸਾਨਾਂ ਨਾਲ ਧੱਕਾ ਹੋ ਰਿਹਾ ਹੈ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਮਾਮਲੇ ਦੇ ਵਿੱਚ ਉਨ੍ਹਾਂ ਵੱਲੋਂ ਅੱਜ ਪੰਜਾਬ ਦੇ ਲੋਕਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੇਸ਼ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਅੱਜ ਦੇਸ਼ ਦੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ ਇਸ ਕਰਕੇ ਵਿਰੋਧੀਆਂ ਦਾ ਫਰਜ਼ ਬਣਦਾ ਹੈ ਕਿ ਉਹ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਉਨ੍ਹਾਂ ਇਹ ਵੀ ਕਿਹਾ ਕਿ ਉਹ ਕਾਸ਼ੀ ਰਾਮ ਦੇ ਭਾਰਤ ਅਤੇ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਣਾ ਚਾਹੁੰਦੇ ਹਨ।