ਲੁਧਿਆਣਾ: ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੀ 2019 ਦੀ ਆਈ ਰਿਪੋਰਟ ਦੇ ਮੁਤਾਬਕ ਪੰਜਾਬ, ਦੇਸ਼ ਭਰ ਵਿਚ ਕਿਸਾਨ ਖੁਦਕੁਸ਼ੀਆਂ ਦੇ ਮਾਮਲੇ 'ਚ 5ਵੇਂ ਨੰਬਰ ਉੱਤੇ ਹੈ।
ਪੰਜਾਬ ਵਿੱਚ ਇੱਕ ਸਾਲ 'ਚ 239 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਨੇ ਜਦ ਕਿ ਮਹਾਰਾਸ਼ਟਰ 2,680 ਖੁਦਕੁਸ਼ੀਆਂ ਦੇ ਨਾਲ ਪਹਿਲੇ ਨੰਬਰ ਉੱਤੇ ਹੈ ਅਤੇ ਗੁਆਂਢੀ ਸੂਬਾ ਹਰਿਆਣਾ 10 ਵਿੱਚੋਂ ਕਿਸੇ ਨੰਬਰ 'ਤੇ ਨਹੀਂ ਆਇਆ ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਲੱਖੋਵਾਲ ਨੇ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ 5ਵੇਂ ਨੰਬਰ 'ਤੇ ਆਇਆ ਹੈ ਪਰ ਇਹ ਅੰਕੜਾ ਇਸ ਤੋਂ ਕਿਤੇ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨ ਖੁਦਕੁਸ਼ੀਆਂ ਕਰਦੇ ਹਨ ਜਿਨ੍ਹਾਂ ਦਾ ਪਤਾ ਤੱਕ ਨਹੀਂ ਚੱਲਦਾ, ਉਨ੍ਹਾਂ ਕਿਹਾ ਕਿ ਅੰਕੜਾ 239 ਤੋਂ ਕਿਤੇ ਜ਼ਿਆਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕੀਤਾ ਜਾਂਦਾ ਰਿਹਾ ਹੈ ਜਿਸ ਕਰਕੇ ਕਰਜ਼ੇ ਦੀ ਮਾਰ ਹੇਠ ਦੱਬਿਆ ਕਿਸਾਨ ਖੁਸ਼ੀਆਂ ਦੇ ਰਾਹ ਪਿਆ ਹੈ। ਉਨ੍ਹਾਂ ਕਿਹਾ ਸਰਕਾਰ ਨੇ ਨਾ ਤਾਂ ਸਵਾਮੀਨਾਥਨ ਰਿਪੋਰਟ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਅਤੇ ਨਾ ਹੀ ਕਿਸਾਨਾਂ ਦੀ ਫਸਲ ਬੀਮਾ ਪਾਲਿਸੀ ਬਣਾਈ ਹੈ ਜਿਸ ਕਰਕੇ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹਨ।