ਲੁਧਿਆਣਾ: ਸਾਂਸਦ ਰਵਨੀਤ ਸਿੰਘ ਬਿੱਟੂ ਵੱਲੋਂ ਬੀਤੇ ਦਿਨੀਂ ਕਿਸਾਨ ਅੰਦੋਲਨ ਨੂੰ ਲੈ ਕੇ 'ਪੰਜਾਬ ਵਿੱਚ ਲਾਸ਼ਾਂ ਵਿਛਾ ਦਿੱਤੇ ਗਏ' ਬਿਆਨ ਨੂੰ ਲੈ ਕੇ ਭਾਜਪਾ ਵੱਲੋਂ ਲਗਾਤਾਰ ਉਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਨੂੰ ਲੈ ਕੇ ਜਿਥੇ ਅੱਜ ਭਾਜਪਾ ਵੱਲੋਂ ਲੁਧਿਆਣਾ 'ਚ ਵਿਰੋਧ ਪ੍ਰਦਰਸ਼ਨ ਕੀਤੇ ਗਏ, ਉਥੇ ਹੀ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਵੱਲੋਂ ਪੁਲਿਸ ਕਮਿਸ਼ਨਰ ਦੇ ਨਾਂਅ ਇੱਕ ਮੰਗ ਪੱਤਰ ਜੁਆਇੰਟ ਕਮਿਸ਼ਨਰ ਨੂੰ ਸੌਂਪਿਆ ਗਿਆ ਜਿਸ ਵਿੱਚ ਭਾਜਪਾ ਨੇ ਸਾਂਸਦ ਰਵਨੀਤ ਬਿੱਟੂ ਵਿਰੁੱਧ ਉਨ੍ਹਾਂ ਵੱਲੋਂ ਦਿੱਤੀ ਜਾ ਰਹੀ ਭੜਕਾਊ ਬਿਆਨਬਾਜ਼ੀ 'ਤੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ।
ਬਿੱਟੂ 'ਤੇ ਪਰਚਾ ਦਰਜ ਨਾ ਹੋਣ 'ਤੇ 2 ਜਨਵਰੀ ਨੂੰ ਭਾਜਪਾ ਕਰੇਗੀ ਇਕੱਠ
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੁਧਿਆਣਾ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਪੁਸ਼ਪਿੰਦਰ ਸਿੰਗਲ ਨੇ ਕਿਹਾ ਕਿ ਰਵਨੀਤ ਬਿੱਟੂ ਨੇ 2 ਮਹੀਨੇ ਪਹਿਲਾਂ ਪੰਜਾਬ ਭਾਜਪਾ ਪ੍ਰਧਾਨ 'ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਖ਼ੁਦ ਲਈ ਸੀ ਅਤੇ ਉਸ ਤੋਂ ਬਾਅਦ ਹੁਣ ਮੁੜ ਤੋਂ ਉਹ ਕਿਸਾਨ ਅੰਦੋਲਨ ਨੂੰ ਲੈ ਕੇ ਆਪਣੀ ਸਿਆਸੀ ਰੋਟੀਆਂ ਸੇਕ ਰਹੇ ਹਨ। ਉਨ੍ਹਾਂ ਕਿਹਾ ਕਿ ਬਿੱਟੂ ਪੰਜਾਬ ਵਿੱਚ ਮਾਹੌਲ ਖ਼ਰਾਬ ਕਰਕੇ ਮੁੜ ਸੱਤਾ 'ਤੇ ਕਾਬਜ਼ ਹੋਣ ਦੇ ਸੁਪਨੇ ਲੈ ਰਹੇ ਹਨ ਜਿਸ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਭਾਜਪਾ ਬਰਦਾਸ਼ਤ ਨਹੀਂ ਕਰੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਰਵਨੀਤ ਬਿੱਟੂ ਵੱਲੋਂ ਬੀਤੇ ਦਿਨੀਂ ਜੋ ਪੰਜਾਬ ਵਿੱਚ ਕਿਸਾਨ ਅੰਦੋਲਨ ਨੂੰ ਲੈ ਕੇ ਲਾਸ਼ਾਂ ਵਿਛ ਜਾਣ ਦਾ ਬਿਆਨ ਦਿੱਤਾ ਗਿਆ ਉਹ ਮੰਦਭਾਗਾ ਸੀ ਉਨ੍ਹਾਂ ਕਿਹਾ ਕਿ ਇਸ ਨਾਲ ਮਾਹੌਲ ਖ਼ਰਾਬ ਹੋ ਸਕਦਾ ਹੈ ਇਸ ਕਰਕੇ ਉਹ ਅੱਜ ਮੰਗ ਕਰਨ ਆਏ ਨੇ ਕਿ ਸਾਂਸਦ ਰਵਨੀਤ ਸਿੰਘ ਬਿੱਟੂ 'ਤੇ ਪਰਚਾ ਦਰਜ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਜੇਕਰ ਅਜਿਹਾ ਨਾ ਹੋਇਆ ਤਾਂ ਉਹ ਲੁਧਿਆਣਾ ਦੇ ਵਿੱਚ 2 ਜਨਵਰੀ ਨੂੰ ਵੱਡਾ ਇਕੱਠ ਕਰਨਗੇ।
ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਦਾ ਐਲਾਨ, 26 ਜਨਵਰੀ ਨੂੰ ਟਰੈਕਟਰ 'ਤੇ ਤਿਰੰਗਾ ਲੱਗਾ ਕੇ ਦਿੱਲੀ ਹੋਣਗੇ ਦਾਖਲ