ਲੁਧਿਆਣਾ: ਭਾਰਤ ਸਰਕਾਰ ਵੱਲੋਂ ਨਾਗਰਿਕਤਾ ਸੋਧ ਬਿੱਲ ਪਾਸ ਕਰਨ ਤੋਂ ਬਾਅਦ ਗੁਆਂਢੀ ਮੁਲਕਾਂ ਤੋਂ ਸਤਾਏ ਹੋਏ ਲੋਕਾਂ ਨੂੰ ਹੁਣ ਭਾਰਤ ਦੀ ਨਾਗਰਿਕਤਾ ਮਿਲਣ ਦਾ ਰਸਤਾ ਸਾਫ਼ ਹੋ ਗਿਆ ਹੈ। ਗੁਆਂਢੀ ਮੁਲਕਾਂ ਤੋਂ ਆਏ ਲੋਕਾਂ ਵਿੱਚ ਇਸ ਬਿੱਲ ਦੇ ਪਾਸ ਹੋਣ 'ਤੇ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ।
ਦੱਸ ਦਈਏ ਕਿ ਇਹ ਬਿੱਲ ਲੋਕ ਸਭਾ ਵਿੱਚ ਪਾਸ ਹੋ ਗਿਆ ਹੈ ਅਤੇ ਰਾਜ ਸਭਾ ਵਿੱਚ ਪਾਸ ਹੋਣਾ ਬਾਕੀ ਹੈ। ਲੁਧਿਆਣਾ ਵਿੱਚ ਸਾਲ 2011-12 'ਚ ਪਾਕਿਸਤਾਨ ਦੇ ਰਸਤੇ ਅਫ਼ਗਾਨਿਸਤਾਨ ਤੋਂ ਆਏ ਕੁੱਝ ਸਿੱਖ ਪਰਿਵਾਰ ਰਹਿੰਦੇ ਹਨ ਜਿਨ੍ਹਾਂ ਨੇ ਇਸ ਬਿੱਲ ਦਾ ਸਵਾਗਤ ਕੀਤਾ ਹੈ ਅਤੇ ਭਾਰਤ ਦੀ ਨਾਗਰਿਕਤਾ ਮਿਲਣ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।
ਇਹ ਵੀ ਪੜ੍ਹੋ: ਨਾਗਰਿਕਤਾ ਸੋਧ ਬਿੱਲ: ਕੀ ਮੁਸਲਮਾਨ ਆਉਣ ਤੇ ਅਸੀਂ ਨਾਗਰਿਕ ਬਣਾ ਦਈਏ: ਸ਼ਾਹ
ਇਸ ਬਿੱਲ ਪ੍ਰਤੀ ਖੁਸ਼ੀ ਜ਼ਾਹਿਰ ਕਰਦਿਆਂ ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਦੀ ਦੀਵਾਲੀ ਤਾਂ ਹੁਣ ਆਈ ਹੈ ਕਿਉਂਕਿ ਹੁਣ ਉਨ੍ਹਾਂ ਨੂੰ ਵੀ ਭਾਰਤ ਦੀ ਨਾਗਰਿਕਤਾ ਦਾ ਦਰਜਾ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਸਰਵਸੰਮਤੀ ਦੇ ਨਾਲ ਇਹ ਬਿੱਲ ਪਾਸ ਕਰਕੇ ਕਾਨੂੰਨ ਬਣਾਉਣਾ ਚਾਹੀਦਾ ਹੈ। ਪਰਿਵਾਰਾਂ ਨੇ ਕਿਹਾ ਹੈ ਕਿ ਉਹ ਭਾਰਤ ਵਿੱਚ ਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਹੁਣ ਉਹ ਭਾਰਤ ਛੱਡ ਕੇ ਕਿਸੇ ਹੋਰ ਦੇਸ਼ ਨਹੀਂ ਜਾਣਾ ਚਾਹੁੰਦੇ। ਪਰਿਵਾਰਾਂ ਨੇ ਭਾਰਤ ਸਰਕਾਰ ਦਾ ਧੰਨਵਾਦ ਵੀ ਕੀਤਾ।
ਦੱਸ ਦਈਏ ਕਿ ਸੋਮਵਾਰ ਨੂੰ ਲੋਕ ਸਭਾ 'ਚ ਦੇਰ ਰਾਤ ਚੱਲੀ ਚਰਚਾ ਤੋਂ ਬਾਅਦ ਨਾਗਰਿਕਤਾ ਸੋਧ ਬਿਲ ਪਾਸ ਕਰ ਦਿੱਤਾ ਗਿਆ ਸੀ। ਬਿੱਲ ਦੇ ਹੱਕ ਵਿੱਚ 311 ਅਤੇ ਇਸ ਦੇ ਵਿਰੋਧ ਵਿੱਚ 80 ਵੋਟਾਂ ਪਈਆਂ ਸਨ। ਇਸ ਬਿੱਲ ਵਿੱਚ ਅਫ਼ਗ਼ਾਨਿਸਤਾਨ, ਬੰਗਲਾਦੇਸ਼ ਤੇ ਪਾਕਿਸਤਾਨ 'ਚ ਧਾਰਮਿਕ ਅਤਿਆਚਾਰ ਦੇ ਕਰਕੇ 31 ਦਸੰਬਰ 2014 ਤੱਕ ਭਾਰਤ ਵਿੱਚ ਆਏ ਹਿੰਦੂ, ਸਿੱਖ, ਬੁੱਧ, ਜੈਨ, ਪਾਰਸੀ ਤੇ ਇਸਾਈ ਭਾਈਚਾਰੇ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਲਈ ਅਰਜ਼ੀ ਦੇਣ ਦੇ ਯੋਗ ਬਣਾਉਣ ਦਾ ਪ੍ਰਬੰਧ ਹੈ।