ਲੁਧਿਆਣਾ : ਲੁਧਿਆਣਾ ਗੈਸ ਲੀਕ ਮਾਮਲੇ ਵਿੱਚ ਸਾਡੇ ਸਹਿਯੋਗੀ ਵੱਲੋਂ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ। ਲੋਕਾਂ ਦਾ ਕਹਿਣਾ ਹੈ ਕਿ ਸਵੇਰੇ 7:00 ਵਜੇ ਇਹ ਹਾਦਸਾ ਵਾਪਰਿਆ ਅਤੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਲੋਕਾਂ ਦਾ ਕਹਿਣਾ ਹੈ ਕਿ ਮਾਮਲੇ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ ਕਿ ਆਖਿਰਕਾਰ ਇਹ ਹਾਦਸਾ ਕਿਵੇਂ ਹੋਇਆ। ਹਾਲਾਂਕਿ ਇਲਾਕੇ ਵਿੱਚ ਕਈ ਥਾਈਂ ਸੀਵਰੇਜ ਦੇ ਮੇਨਹੋਲ ਵੀ ਖੁੱਲ੍ਹੇ ਰਹਿੰਦੇ ਹਨ, ਜਿਸ ਨਾਲ ਹਾਦਸਾ ਹੋਣ ਦਾ ਡਰ ਬਣਿਆ ਰਹਿੰਦਾ ਹੈ।
ਜ਼ਿਕਰਯੋਗ ਹੈ ਕਿ ਐਤਵਾਰ ਸਵੇਰੇ ਲੁਧਿਆਣਾ 'ਚ 7:15 ਦੇ ਕਰੀਬ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ ਹੋ ਗਿਆ। ਇਸ ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਮਰਨ ਵਾਲਿਆਂ ਵਿਚ 2 ਬੱਚਿਆਂ ਸਮੇਤ 5 ਔਰਤਾਂ ਅਤੇ 4 ਪੁਰਸ਼ ਸ਼ਾਮਲ ਹਨ। ਜਾਣਕਾਰੀ ਮੁਤਾਬਿਕ ਬੱਚਿਆਂ ਦੀ ਉਮਰ 10 ਅਤੇ 13 ਸਾਲ ਹੈ। ਇਹ ਹਾਦਸਾ ਸ਼ਹਿਰ ਦੇ ਗਿਆਸਪੁਰਾ ਇੰਡਸਟਰੀਅਲ ਏਰੀਆ ਨੇੜੇ ਇੱਕ ਇਮਾਰਤ ਵਿੱਚ ਬਣੇ ਦੁੱਧ ਦੇ ਬੂਥ ਵਿੱਚ ਵਾਪਰਿਆ। ਲੁਧਿਆਣਾ ਦੀ ਐਸਡੀਐਮ ਸਵਾਤੀ ਨੇ ਦੱਸਿਆ ਕਿ ਹਾਦਸਾ ਬੇਹੱਦ ਦੁਖਦਾਈ ਹੈ ਅਤੇ ਇਸ ਹਾਦਸੇ ਵਿਚ ਜਿੰਨੇ ਲੋਕਾਂ ਦੀ ਜਾਨ ਗਈ ਹੈ, ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹਨ। ਇਸ ਦੇ ਨਾਲ ਹੀ, ਗੈਸ ਲੀਕ ਹੋਣ ਕਾਰਨ 12 ਲੋਕ ਬੇਹੋਸ਼ ਹੋ ਗਏ। ਘਟਨਾ ਤੋਂ ਬਾਅਦ ਮੈਡੀਕਲ, ਫਾਇਰ ਬ੍ਰਿਗੇਡ, ਪੁਲਿਸ ਅਤੇ ਐਨਡੀਆਰਐਫ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਬੀਮਾਰ ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਹੈ।
ਐਸਡੀਐਮ ਅਤੇ ਡੀਸੀ ਨੇ ਮੌਕੇ ਦੀ ਕੀਤੀ ਜਾਂਚ : ਇਸਦੇ ਨਾਲ ਹੀ, ਉਨ੍ਹਾਂ ਦੱਸਿਆ ਕਿ ਐਨ.ਡੀ.ਆਰ.ਐਫ ਦੀ ਟੀਮ ਮੌਕੇ ‘ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇੱਥੋਂ ਸੈਂਪਲ ਲੈ ਕੇ ਸਾਡੀ ਲੈਬ ਵਿੱਚ ਜਾਂਚ ਲਈ ਵੀ ਭੇਜੇ ਜਾ ਰਹੇ ਹਨ। ਡੀਸੀ ਨੇ ਦੱਸਿਆ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕੋਈ ਪਾਈਪ ਲਾਈਨ ਫਟ ਗਈ ਹੈ ਜਾਂ ਨਹੀਂ, ਉਨ੍ਹਾਂ ਕਿਹਾ ਕਿ ਸੰਭਵ ਹੈ ਕਿ ਕੁਝ ਗੈਸਾਂ ਦੇ ਮਿਸ਼ਰਣ ਕਾਰਨ ਅਜਿਹੀ ਗੈਸ ਬਣ ਗਈ ਹੋਵੇ, ਜਿਸ ਕਾਰਨ ਲੋਕਾਂ ਦੀ ਮੌਤ ਹੋਈ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਅਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਗੈਸ ਕਿਹੜੀ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਫੈਕਟਰੀ 'ਚ ਗੈਸ ਲੀਕ ਹੋਈ, ਉਹ ਕਾਫੀ ਸਮੇਂ ਤੋਂ ਬੰਦ ਪਈ ਸੀ। ਪੁਲਿਸ ਇਸ ਦੇ ਮਾਲਕ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਵਿੱਚ ਟਿੱਪਰ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ
ਦੂਜੇ ਪਾਸੇ ਲੁਧਿਆਣਾ ਗੈਸ ਲੀਕ ਮਾਮਲੇ ਵਿਚ ਪ੍ਰਸ਼ਾਸਨ ਵੱਲੋਂ ਫੌਰੀ ਤੌਰ 'ਤੇ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਲੁਧਿਆਣਾ ਜ਼ਹਿਰੀਲੀ ਗੈਸ ਲੀਕ ਮਾਮਲੇ ਵਿੱਚ ਮਰਨ ਵਾਲਿਆਂ ਲਈ ਪੰਜਾਬ ਸਰਕਾਰ ਨੇ 2-2 ਲੱਖ ਅਤੇ ਜਖਮੀਆਂ ਨੂੰ 50-50 ਹਜ਼ਾਰ ਦੀ ਮਦਦ ਦਾ ਐਲਾਨ ਕੀਤਾ ਹੈ।