ਲੁਧਿਆਣਾ/ਸਾਹਨੇਵਾਲ: ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਵਿੱਚ ਖਜਾਨਾ ਮੰਤਰੀ ਰਹਿ ਚੁੱਕੇ ਪਰਮਿੰਦਰ ਸਿੰਘ ਢੀਂਡਸਾ ਲੁਧਿਆਣਾ ਦੇ ਹਲਕਾ ਸਾਹਨੇਵਾਲ ਵਿਖੇ ਅੱਜ ਜਗਦੀਸ਼ ਸਿੰਘ ਗਰਚਾ ਨੂੰ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵਿੱਚ ਸ਼ਾਮਿਲ ਕਰਵਾਉਣ ਲਈ ਪਹੁੰਚੇ।
ਇਸ ਮੌਕੇ ਢੀਂਡਸਾ ਨੇ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਤਾਕਤ ਮਿਲੇਗੀ ਅਤੇ ਪਾਰਟੀ ਦਾ ਵਿਸਥਾਰ ਹੋਵੇਗਾ, ਉਨ੍ਹਾਂ ਕਿਹਾ ਕਿ ਗਰਚਾ ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਅਤੇ ਸੀਨੀਅਰ ਲੀਡਰ ਸੀ ਅਤੇ ਪਾਰਟੀ ਵਿੱਚ ਉਨ੍ਹਾਂ ਦਾ ਵੀ ਦਮ ਘੁਟ ਰਿਹਾ ਸੀ ਜਿਸ ਕਰਕੇ ਉਹ ਅੱਜ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵਿੱਚ ਸ਼ਾਮਿਲ ਹੋਏ।
ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸਮੇਂ ਸਭ ਤੋਂ ਵੱਡਾ ਕੰਮ ਪੰਜਾਬ ਦੀ ਕਿਸਾਨੀ ਨੂੰ ਬਚਾਉਣਾ ਹੈ ਜਿਸ ਲਈ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਕਿਸਾਨਾਂ ਦੇ ਨਾਲ ਹੈ ਅਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਦਾ ਡਟ ਕੇ ਵਿਰੋਧ ਕਰ ਰਹੀ ਹੈ। ਅਕਾਲੀ ਦਲ(ਬ) ਉੱਤੇ ਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਤੱਕ ਆਪਣੇ ਨਿੱਜੀ ਮੁਫ਼ਾਦਾਂ ਲਈ ਐਸਜੀਪੀਸੀ ਅਤੇ ਧਾਰਮਿਕ ਸੰਸਥਾਵਾਂ ਨੂੰ ਵਰਤਦੀ ਰਹੀ ਹੈ ਉਸ ਤੋਂ ਆਰਥਿਕ ਅਤੇ ਨਿਜੀ ਫਾਇਦਾ ਚੁੱਕਦੀ ਰਹੀ ਹੈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਦੇ ਕਬਜੇ ਤੋਂ ਮੁਕਤ ਕਰਵਾਉਣ ਲਈ ਉਹ ਕਮੇਟੀ ਦੀ ਚੋਣ ਲੜਨਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸੇਵਾ ਭਾਵਨਾ ਰੱਖਣ ਵਾਲੇ ਲੋਕ ਜੋ ਪੰਜਾਬ ਦਾ ਭਲਾ ਚਾਹੁੰਦੇ ਹਨ ਉਹ ਸਾਡੇ ਨਾਲ ਰਲ ਸਕਦੇ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਖੁੱਲ੍ਹਾ ਸੱਦਾ ਹੈ।